ਅੰਮ੍ਰਿਤਸਰ, 30 ਜਨਵਰੀ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ.) ਵੱਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ 2019 ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ ਨਾਨਕ ਗੁਰਦਾਸਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਦਫ਼ਤਰ ਵਿਖੇ ਪੁੱਜੇ ਸ. ਅਮਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਮਹਾਨ ਇੰਟਰਨੈਸ਼ਨਲ ਨਗਰ ਕੀਰਤਨ ਨੇਪਾਲ ਕਾਠਮਾਂਡੂ ਤੋਂ ਅਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਦੋ ਹਜ਼ਾਰ ਕਿਲੋਮੀਟਰ ਦੀ ਯਾਤਰਾ ਤਹਿ ਕਰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਪੰਜਾਬ) ਵਿਖੇ ਪੁੱਜੇਗਾ।

ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵੱਲੋਂ ਆਰੰਭੇ ਜਾਣ ਵਾਲੇ ਨਗਰ ਕੀਰਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਗਰ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।