ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਲੱਖੀ ਜੰਗਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਬਠਿੰਡਾ, 12 ਮਾਰਚ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਲੱਖੀ ਜੰਗਲ ਬਠਿੰਡਾ ਵਿਖੇ ਬੀਤੀ ਰਾਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਗੁਰੂ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਮਨੁੱਖਤਾ ਨੂੰ ਨਵੀਂ ਦਿਸ਼ਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਅੰਦਰ ਆ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਹਿਲੇ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੋ ਕੇ ਗੁਰਮਤਿ ਵਿਚਾਰਧਾਰਾ ਨਾਲ ਜੁੜੀਏ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਨੂੰ ਸ਼ਲਾਘਾਯੋਗ ਕਾਰਜ ਦੱਸਿਆ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਸਮੇਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਕਾਹਨ ਸਿੰਘ ਮੁੱਖੀ ਸੇਵਾ ਪੰਥੀ, ਬਾਬਾ ਜੱਸਾ ਸਿੰਘ ਸ਼੍ਰੋਮਣੀ ਬੁੱਢਾ ਦਲ, ਸ. ਕਰਨ ਸਿੰਘ ਮੈਨੇਜਰ ਸ੍ਰੀ ਦਮਦਮਾ ਸਾਹਿਬ, ਮੈਨੇਜਰ ਸ. ਗੁਰਬਖ਼ਸ਼ ਸਿੰਘ, ਸ. ਭੋਲਾ ਸਿੰਘ ਇੰਚਾਰਜ ਉਪ-ਦਫ਼ਤਰ ਤਲਵੰਡੀ ਸਾਬੋ ਆਦਿ ਮੌਜੂਦ ਸਨ। ਇਸ ਸਮਾਗਮ ਦੌਰਾਨ ਸਟੇਜ ਦੀ ਸੇਵਾ ਪ੍ਰਚਾਰਕ ਭਾਈ ਗੁਰਮੀਤ ਸਿੰਘ ਵੱਲੋਂ ਨਿਭਾਈ ਗਈ।