ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਂਗਰਸ ਆਗੂ ਨੂੰ ਦਾਇਰੇ ’ਚ ਰਹਿਣ ਦੀ ਦਿੱਤੀ ਨਸੀਹਤ
ਅੰਮ੍ਰਿਤਸਰ, 2 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਗਾਂਧੀ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ ਬ੍ਰਹਿਮੰਡੀ ਵਿਚਾਰਧਾਰਾ ਪੂਰੀ ਮਨੁੱਖਤਾ ਨੂੰ ਜੋੜਣ ਵਾਲੀ ਹੈ, ਜਿਸ ਨਾਲ ਕਿਸੇ ਦੁਨਿਆਵੀ ਮਨੁੱਖ ਵੱਲੋਂ ਆਪਣੀ ਤੁਲਨਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਸੀ ਯਾਤਰਾ ਨੂੰ ਪ੍ਰਭਾਸ਼ਿਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹਵਾਲਾ ਦੇ ਕੇ ਵੱਡੀ ਅਵੱਗਿਆ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਜੋੜਣ ਦੀ ਗੱਲ ਕਰਨ ਵਾਲੇ ਕਾਂਗਰਸ ਦੇ ਇਸ ਆਗੂ ਨੂੰ 1984 ਵਿਚ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਨੂੰ ਚੇਤੇ ਕਰਨਾ ਚਾਹੀਦਾ ਹੈ। ਕੀ ਇਹ ਭਾਰਤ ਜੋੜਣ ਵਾਲੀ ਕਾਰਵਾਈ ਸੀ? ਇਸ ਦਾ ਜਵਾਬ ਰਾਹੁਲ ਗਾਂਧੀ ਜ਼ਰੂਰ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਸਿੱਖ ਕੌਮ ਜੂਨ 1984 ਦੇ ਘਲੂਘਾਰੇ ਨੂੰ ਯਾਦ ਕਰ ਰਹੀ ਹੈ ਤਾਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਵਿਰੁੱਧ ਟਿੱਪਣੀ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਸੱਟ ਮਾਰਨ ਦੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਨਸੀਹਤ ਦਿੱਤੀ ਕਿ ਉਹ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਤੋਂ ਬਾਜ ਆਉਣ ਅਤੇ ਸਿੱਖ ਕੌਮ ਦੇ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸ਼ਖ਼ਸੀਅਤਾਂ ਅਤੇ ਸਿੱਖ ਸਰੋਕਾਰਾਂ ਨਾਲ ਟਕਰਾਉਣ ਤੋਂ ਦੂਰ ਰਹਿਣ।