ਅੰਮ੍ਰਿਤਸਰ, 1 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸਥਾਨਕ ਚਾਟੀਵਿੰਡ ਗੇਟ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਹੈ ਅਤੇ ਇਸ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਮਰੀਜ਼ਾਂ ਦੇ ਸੁਖ-ਸ਼ਾਂਤੀ ਲਈ ਅਰਦਾਸ ਜਿਥੇ ਡਾਕਟਰਾਂ ਅਤੇ ਸਟਾਫ਼ ਨੂੰ ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਦਿੰਦੀ ਹੈ, ਉਥੇ ਹੀ ਮਰੀਜ਼ਾਂ ਨੂੰ ਮਾਨਸਿਕ ਮਜ਼ਬੂਤੀ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿਹਤ ਅਦਾਰਿਆਂ ਨੇ ਹਮੇਸ਼ਾ ਬਿਹਤਰ ਸਿਹਤ ਸੇਵਾਵਾਂ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕੋਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਭਿਆਨਕ ਦੌਰ ਵਿਚ ਜਿਥੇ ਮਰੀਜ਼ਾਂ ਨੂੰ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰਕੇ ਇਲਾਜ਼ ਕੀਤਾ ਗਿਆ, ਉਥੇ ਹੀ ਮੁਫ਼ਤ ਕੋਰੋਨਾ ਟੀਕਾਕਰਣ ਵਿਚ ਵੀ ਮਿਸਾਲੀ ਸੇਵਾ ਦਿੱਤੀ। ਕਿਸਾਨ ਸੰਘਰਸ਼ ਦੌਰਾਨ ਵੀ ਸ਼੍ਰੋਮਣੀ ਕਮੇਟੀ ਦੇ ਸਿਹਤ ਸੰਸਥਾਵਾਂ ਨੇ ਮੋਹਰੀ ਹੋ ਕੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਗੇਟ ਦੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।