ਅੰਮ੍ਰਿਤਸਰ 25 ਸਤੰਬਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਅਤੇ ਸਕੱਤਰ ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ। ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਪ੍ਰਬੰਧਕਾਂ ਨਾਲ ਪ੍ਰਕਾਸ਼ ਪੁਰਬ ਸਮੇਂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਪਾਸੋਂ ਸੁਝਾਅ ਵੀ ਲਏ। ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਅੰਮ੍ਰਿਤਸਰ ਦੀ ਇਸ ਪਾਵਨ ਨਗਰੀ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਦਿਹਾੜੇ ਮੌਕੇ ਸ਼ਹਿਰ ਨਿਵਾਸੀਆਂ ਨੂੰ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਅਤੇ ਦੀਪਮਾਲਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਥੇ ਆਉਣ ਵਾਲੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਯੋਗ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਕਾਰਜਾਂ ਪ੍ਰਤੀ ਸੁਹਿਰਦ ਪਹੁੰਚ ਅਪਣਾਈ ਜਾਵੇ ਅਤੇ ਸਫਾਈ ਕਾਰਜਾਂ ਦੇ ਨਾਲ ਨਾਲ ਸ਼ਹਿਰ ਦੀ ਦੀਪਮਾਲਾ ਲਈ ਸਭਾ ਸੁਸਾਇਟੀਆਂ ਨਾਲ ਰਾਬਤਾ ਬਣਾ ਕੇ ਪ੍ਰਬੰਧਕੀ ਸਹਿਯੋਗ ਲਿਆ ਜਾਵੇ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੇ ਬਾਨੀ ਗੁਰੂ ਜੀ ਦਾ ਮੁਬਾਰਕ ਆਗਮਨ ਦਿਹਾੜਾ ਹੈ ਇਸ ਲਈ ਸਮੂਹ ਅੰਮ੍ਰਿਤਸਰ ਨਿਵਾਸੀ ਇਸ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਏਅਰਪੋਰਟ ਵਿਖੇ ਵੀ ਸੰਗਤਾਂ ਸਹਿਯੋਗ ਨਾਲ ਦੀਪਮਾਲਾ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਥੇ ਉਤਰਨ ਵਾਲੇ ਯਾਤਰੂਆਂ ‘ਤੇ ਵੀ ਚੰਗਾ ਪ੍ਰਭਾਵ ਪੈ ਸਕੇ। ਡਾ. ਰੂਪ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲ਼ੇ ਦੁਆਲੇ ਦੇ ਰਸਤਿਆਂ ਨੂੰ ਸਾਫ ਰੱਖਿਆ ਜਾਵੇ ਕਿਉਂਕਿ ਅੰਮ੍ਰਿਤਸਰ ਦੀ ਧਰਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਅੰਦਰ ਸਿੱਖਾਂ ਦੇ ਕੇਂਦਰੀ ਧੁਰੇ ਵਜੋਂ ਮਾਨਤਾ ਰੱਖਦੇ ਹਨ।  
ਇਕੱਤਰਤਾ ਵਿਚ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ, ਸ. ਰਘਬੀਰ ਸਿੰਘ ਤੇ ਸ. ਮਨਜਿੰਦਰ ਸਿੰਘ ਮੈਨੇਜਰ, ਸ. ਲਖਵਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਸੁਖਬੀਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਹਾਜ਼ਰ ਸਨ।