ਮਨੁੱਖ ਮਾਤਰ ਲਈ ਮਾਰਗ ਦਰਸ਼ਨ ਹਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ – ਪ੍ਰੋ. ਬਡੂੰਗਰ

ਅੰਮ੍ਰਿਤਸਰ, 5 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੋਢੀ ਸੁਲਤਾਨ, ਜਗਤ ਦੇ ਤਾਰਨਹਾਰ, ਸੇਵਾ ਸਿਮਰਨ ਤੇ ਪਰਉਪਕਾਰ ਦੇ ਪੁੰਜ, ਧਾਰਮਿਕ ਅਤੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ੪੮੪ਵੇਂ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖ ਮਾਤਰ ਲਈ ਸੁਚੱਜਾ ਮਾਰਗ ਦਰਸ਼ਨ ਕਰਦੀਆਂ ਹਨ, ਜਿਸ ‘ਤੇ ਚੱਲ ਕੇ ਅਸੀਂ ਸ਼ੁਭ ਅਮਲਾਂ ਦੇ ਧਾਰਨੀ ਬਣ ਸਕਦੇ ਹਾਂ। ਪ੍ਰੋ. ਬਡੂੰਗਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਜਿਥੇ ਸਮੂਹ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ, ਉਥੇ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਿਵਾਸੀਆਂ ਨੂੰ ਸ਼ਹਿਰ ਦੀ ਸਾਫ਼-ਸਫ਼ਾਈ ਕਰਨ ਦੇ ਨਾਲ-ਨਾਲ ਦੀਪਮਾਲਾ ਨਾਲ ਰੁਸ਼ਨਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੁਬਾਰਕ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਜੀ ਨੂੰ ਅਕੀਦਤ ਭੇਟ ਕਰ ਰਹੀਆਂ ਹਨ। ਇਸ ਲਈ ਸ਼ਹਿਰ ਨਿਵਾਸੀਆਂ ਦਾ ਫ਼ਰਜ਼ ਹੈ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸਜ਼ਾਵਟ ਲਈ ਵੀ ਅੱਗੇ ਆਉਣ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਯਤਨ ਕੀਤੇ ਗਏ ਹਨ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਸੰਗਤਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਇਕ ਵੱਲੋਂ ਪ੍ਰਬੰਧ ਵਿਚ ਭਰਪੂਰ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਅੱਜ ੬ ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਸਾਰੇ ਮੁਲਾਜ਼ਮ ਗੁਰੂ ਸਾਹਿਬ ਜੀ ਦੀ ਉਸਤਤਿ ਵਿਚ ਬਣਾਈਆਂ ਗਈਆਂ ਵਿਸ਼ੇਸ਼ ਪੱਟੀਆਂ ਆਪਣੀਆਂ ਦਸਤਾਰਾਂ ਤੇ ਸਜਾਉਣਗੇ, ਜਿਸ ‘ਤੇ ‘ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ’ ਲਿਖਿਆ ਹੋਇਆ ਹੈ। ਉਨ੍ਹਾਂ ਪ੍ਰਸੰਨਤਾ ਪ੍ਰਗਟ ਕੀਤੀ ਕਿ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਅਟਾਰੀ ਬਾਰਡਰ ‘ਤੇ ਵੀ ਦੀਪਮਾਲਾ ਕੀਤੀ ਜਾ ਰਹੀ ਹੈ। ਉਨ੍ਹਾਂ ਇਕ ਵਾਰ ਫਿਰ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈਣ ਦੀ ਅਪੀਲ ਕੀਤੀ।