5-10-2016-2ਅੰਮ੍ਰਿਤਸਰ 5 ਅਕਤੂਬਰ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ੧੭ ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸਿੱਖ ਇਤਿਹਾਸ ‘ਤੇ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ‘ਚ ਪੰਜਾਬ ਭਰ ਤੋਂ ੪੦ ਸਕੂਲਾਂ ਦੇ ੨੦੦ ਬੱਚਿਆਂ ਨੇ ਹਿੱਸਾ ਲਿਆ।
ਇਸ ਮੌਕੇ ਗੱਲਬਾਤ ਦੌਰਾਨ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ‘ਚ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ੧੭ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ, ਸਿਰੋਪਾਓ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਲਿਖਤੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਹਰੇਕ ਲੋਕਲ ਬੱਚੇ ਨੂੰ ੨੦੦ ਰੁਪਏ ਤੇ ਅੰਮ੍ਰਿਤਸਰ ਤੋਂ ਬਾਹਰੋਂ ਆਏ ਬੱਚਿਆਂ ਨੂੰ ੨੫੦ ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਦਿੱਤੇ ਗਏ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ‘ਤੇ ਲਿਖਤੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ੬ ਅਕਤੂਬਰ ਨੂੰ ਭਾਈ ਗੁਰਦਾਸ ਹਾਲ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਹੋਣਗੇ, ੭ ਅਕਤੂਬਰ ਨੂੰ ਭਾਸ਼ਣ ਮੁਕਾਬਲਾ, ੮ ਅਕਤੂਬਰ ਨੂੰ ਕਵੀਸ਼ਰੀ ਮੁਕਾਬਲਾ ਤੇ ੧੦ ਅਕਤੂਬਰ ਨੂੰ ਸ਼ਬਦ ਕੀਰਤਨ ਮੁਕਾਬਲਾ ਗੁਰਦੁਆਰਾ ਸ੍ਰੀ ਮੰਜੀ ਦੀਵਾਨ ਹਾਲ ਵਿਖੇ ਹੋਵੇਗਾ ਅਤੇ ੧੩ ਅਕਤੂਬਰ ਨੂੰ ਕੁਇਜ਼ ਮੁਕਾਬਲਾ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾਵੇਗਾ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਬਘੇਲ ਸਿੰਘ ਵਧੀਕ ਮੈਨੇਜਰ ਤੋਂ ਇਲਾਵਾ ਸ. ਕਾਬਲ ਸਿੰਘ ਸੁਪਰਵਾਈਜ਼ਰ, ਬੀਬੀ ਕਿਰਨਦੀਪ ਕੌਰ, ਬੀਬੀ ਰਜਵੰਤ ਕੌਰ, ਬੀਬੀ ਮਨਜਿੰਦਰ ਕੌਰ, ਬੀਬੀ ਗੁਰਮੇਲ ਕੌਰ, ਬੀਬੀ ਤਕਦੀਰ ਕੌਰ ਤੇ ਬੀਬੀ ਗੁਰਮੀਤ ਕੌਰ ਨੇ ਨਿਗਰਾਨ ਵਜੋਂ ਸੇਵਾ ਨਿਭਾਈ।