ਅੰਮ੍ਰਿਤਸਰ, 7 ਅਕਤੂਬਰ (             )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਰਾਗਾਂ ‘ਤੇ ਅਧਾਰਤ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਅਲੌਕਿਕ ਵਾਤਾਵਰਣ ਸਿਰਜ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਵਾਰ ਰਾਗ ਦਰਬਾਰ ਦੀ ਸ਼ੁਰੂਆਤ ਸੈਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵੱਲੋਂ ਕੀਰਤਨ ਕਰ ਕੇ ਕੀਤੀ ਗਈ। ਰਾਗ ਦਰਬਾਰ ਦੌਰਾਨ ਭਾਈ ਕੁਲਦੀਪ ਸਿੰਘ, ਭਾਈ ਰਾਏ ਸਿੰਘ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਅਮਰੀਕਾ ਦੇ ਚੜ੍ਹਦੀ ਕਲਾ ਮੀਰੀ ਪੀਰੀ ਰਾਗੀ ਜੱਥਾ, ਬੀਬੀ ਰਾਜਵਿੰਦਰ ਕੌਰ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ, ਡਾ. ਗੁਰਨਾਮ ਸਿੰਘ ਪਟਿਆਲਾ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਜੀਤ ਸਿੰਘ ਤੇ ਭਾਈ ਗੁਰਦੀਪ ਸਿੰਘ ਦਿੱਲੀ ਵਾਲੇ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਤੇ ਭਾਈ ਹਰਜੋਤ ਸਿੰਘ ਜਖਮੀ ਦੇ ਰਾਗੀ ਜੱਥਿਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਦੀ ਸਿਰਜਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਪ੍ਰੋ: ਬਡੂੰਗਰ ਨੇ ਚੌਥੇ ਪਾਤਸ਼ਾਹ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਅਤੇ ਕੌਮ ਦੀ ਭਲਾਈ ਲਈ ਕੀਤੇ ਕਾਰਜਾਂ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਜੀ ਨੇ ਜਿੱਥੇ ਮਨੁੱਖ ਦੇ ਕਲਿਆਣ ਲਈ ਗੁਰਬਾਣੀ ਰਚੀ, ਉਥੇ ਹੀ ਸਮਾਜ ਭਲਾਈ ਲਈ ਅਨੇਕਾਂ ਕਾਰਜ ਕੀਤੇ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਵੱਲੋਂ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਅਤੇ ‘ਲੰਗਰ ਗੁਰੂ ਰਾਮਦਾਸ’ ਵਿਖੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿਚ ਬਿਨਾਂ ਕਿਸੇ ਭੇਦਭਾਵ ਦੇ ਵੱਖ-ਵੱਖ ਧਰਮਾਂ, ਜਾਤਾਂ ਦੇ ਲੋਕ ਪ੍ਰਸ਼ਾਦਾ ਛੱਕ ਕੇ ਤ੍ਰਿਪਤ ਹੁੰਦੇ ਹਨ। ਉਨ੍ਹਾਂ ਇੱਕ ਵਾਰ ਫਿਰ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ‘ਤੇ ਅਮਲ ਕਰਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ, ਗਿਆਨੀ ਮੋਹਣ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਬੀਬੀ ਕਿਰਨਜੋਤ ਕੌਰ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ, ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਿੱਖਿਆ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।