ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਗੁਰਪੁਰਬ ਮੌਕੇ ਕੀਤਾ ਜਾਵੇਗਾ ਸਨਮਾਨਿਤ-ਭਾਈ ਲੌਂਗੋਵਾਲ

ਅੰਮ੍ਰਿਤਸਰ, ੨ ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ ੪੫ ਸਕੂਲਾਂ ਦੇ ਲਗਭਗ ੨੨੫ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸੇ ਦੌਰਾਨ ਸੁੰਦਰ ਲਿਖਾਈ ਲਈ ਵੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ੭੪ ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਅੰਦਰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਭਰ ਦੇ ਸਕੂਲੀ ਵਿਦਿਆਰਥੀਆਂ ਦੇ ਲਿਖਤੀ ਇਮਤਿਹਾਨ, ਭਾਸ਼ਣ, ਕਵੀਸ਼ਰੀ, ਕਵਿਤਾ, ਸ਼ਬਦ ਕੀਰਤਨ, ਪੇਂਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਕਰਵਾਉਣ ਦਾ ਮੰਤਵ ਨੌਜੁਆਨੀ ਅਤੇ ਬੱਚਿਆਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਵਿਰਸੇ, ਇਤਿਹਾਸ ਅਤੇ ਗੁਰਮਤਿ ਦੀ ਰਹਿਣੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਸ. ਜਸਪਾਲ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਸ. ਅਮਰਜੀਤ ਸਿੰਘ ਲੌਂਗੋਵਾਲ, ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ ਤੇ ਬੀਬੀ ਗੁਰਮੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਗੁਰਮੀਨ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਪਲਵਿੰਦਰ ਕੌਰ ਸਮੇਤ ਹੋਰ ਮੌਜੂਦ ਸਨ।