ਸਕੂਲਾਂ ਦੇ ਨੁਮਾਇੰਦਿਆਂ ਨਾਲ ਡਾ. ਰੂਪ ਸਿੰਘ ਨੇ ਕੀਤੀ ਗੁਰਪੁਰਬ ਸਬੰਧੀ ਮੀਟਿੰਗ

ਅੰਮ੍ਰਿਤਸਰ ੦੩ ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ੨੫ ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ‘ਤੇ ਸਜਾਇਆ ਜਾ ਰਿਹਾ ਹੈ। ਇਸ ੧੦ ਕਿਲੋਮੀਟਰ ਦੇ ਸਾਰੇ ਰਸਤੇ ‘ਤੇ ਸੰਗਤ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੋਹੀਂ ਪਾਸੀਂ ਖਲ੍ਹੋ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਬੈਂਡ ਵੀ ਅਕਰਸ਼ਣ ਦਾ ਕੇਂਦਰ ਬਣਨਗੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਸਬੰਧ ਵਿਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਕੂਲੀ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੇਰਣਾ ਮੁਹਿੰਮ ਵੀ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸਕੂਲਾਂ ਤੱਕ ਪਹੁੰਚ ਕਰਕੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਸੇ ਮੰਤਵ ਨੂੰ ਲੈ ਕੇ ਸਕੂਲਾਂ ਦੇ ਪ੍ਰਬੰਧਕਾਂ ਤੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਉਨ੍ਹਾਂ ਸਕੂਲ ਪ੍ਰਤੀਨਿਧਾਂ ਨੂੰ ਕਿਹਾ ਕਿ ਉਹ ਪ੍ਰਕਾਸ਼ ਪੁਰਬ ਮੌਕੇ ਘਰਾਂ ਅੰਦਰ ਦੀਵੇ ਜਗਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੁਰਪੁਰਬ ਨੂੰ ਸਮਰਪਿਤ ਹੋ ਕੇ ਵਿਦਿਆਰਥੀਆਂ ਨੂੰ ਗੁਰਬਾਣੀ, ਇਤਿਹਾਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਸੁਚੇਤ ਕਰਨ ਲਈ ਅਧਿਆਪਕ ਫਰਜ਼ ਨਿਭਾਉਣ। ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਖਾਲਸਾ ਕਾਲਜ ਪਬਲਿਕ ਸਕੂਲ, ਸੰਤ ਸਿੰਘ ਸੁੱਖਾ ਸਿੰਘ ਸਕੂਲ, ਚੀਫ ਖਾਲਸਾ ਦੀਵਾਨ ਦੀਆਂ ਵਿਦਿਅਕ ਸੰਸਥਾਵਾਂ, ਸ੍ਰੀ ਗੁਰੂ ਨਾਨਕ ਦੇਵ ਗਰਲਜ਼ ਸੀਨੀ: ਸੈਕੰ: ਸਕੂਲ, ਸ੍ਰੀ ਗੁਰੂ ਰਾਮਦਾਸ ਸੀਨੀ: ਸੈਕੰ: ਸਕੂਲ, ਅੰਮ੍ਰਿਤਸਰ ਪਬਲਿਕ ਸਕੂਲ ਆਦਿ ਸਕੂਲਾਂ ਦੇ ਨੁਮਾਇੰਦਿਆਂ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਸਹਿਯੋਗ ਦੇਣ ਨਾਲ ਭਰੋਸਾ ਦਿੱਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਕੀਤੇ ਜਾ ਰਹੇ ਉਚੇਚੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਸੁਖਰਾਜ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਬੀਬੀ ਰਿਪੁਦਮਨ ਕੌਰ, ਬੀਬੀ ਹਰਪ੍ਰੀਤ ਕੌਰ, ਸ. ਕੁਲਵੰਤ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਪ੍ਰਭਜੋਤ ਕੌਰ, ਸ. ਮਨਿੰਦਰਮੋਹਨ ਸਿੰਘ, ਪ੍ਰਿੰਸੀਪਲ ਇਕਬਾਲ ਕੌਰ, ਬੀਬੀ ਜਗਦੇਵ ਕੌਰ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਮਨਿੰਦਰਪਾਲ ਕੌਰ, ਬੀਬੀ ਅਮਰਦੀਪ ਕੌਰ, ਬੀਬੀ ਪਰਮਜੀਤ ਕੌਰ ਸਮੇਤ ਹੋਰ ਮੌਜੂਦ ਸਨ।