ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰਬੰਧਾਂ ਨੂੰ ਲੈ ਕੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ 

ਅੰਮ੍ਰਿਤਸਰ, 16 ਅਕਤੂਬਰ- 
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਵਿਦਿਆਰਥੀ ਸ਼ਾਮਲ ਕੀਤੇ ਜਾਣ, ਤਾਂ ਜੋ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੋਂ ਸਿੱਖੀ ਜਜ਼ਬੇ ਦੀ ਪ੍ਰੇਰਣਾ ਪ੍ਰਾਪਤ ਕਰ ਸਕਣ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਿਥੇ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਨਗਰ ਕੀਰਤਨ ਦੇ ਰਸਤੇ ਵਿਚ ਆਪੋ-ਆਪਣੇ ਨਿਰਧਾਰਤ ਅਸਥਾਨ ’ਤੇ ਅਨੁਸ਼ਾਸਨ ’ਚ ਖੜ੍ਹ ਕੇ ਨਗਰ ਕੀਰਤਨ ਸਵਾਗਤ ਕਰਨ ਦੀ ਅਪੀਲ ਵੀ ਕੀਤੀ। ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਂਦੇ ਨਗਰ ਕੀਰਤਨ ਦੇ ਸਮੁੱਚੇ ਰੂਟ ’ਤੇ ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਅਸੀਂ ਨੌਜੁਆਨਾਂ ਤੇ ਬੱਚਿਆਂ ਨੂੰ ਆਪਣੇ ਵਿਰਸੇ ਤੇ ਪ੍ਰੰਪਰਾਵਾਂ ਪ੍ਰਤੀ ਉਤਸ਼ਾਹਤ ਕਰ ਸਕਦੇ ਹਾਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਇੰਚਾਰਜ ਸ. ਅਜ਼ਾਦਦੀਪ ਸਿੰਘ ਤੇ ਸ. ਦੀਪਇੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਦਿਲਬਾਗ ਸਿੰਘ, ਪ੍ਰਿੰਸੀਪਲ ਫੁਲਵਿੰਦਰ ਸਿੰਘ, ਪ੍ਰਿੰਸੀਪਲ ਰੁਪਿੰਦਰ ਸਿੰਘ, ਬੀਬੀ ਅਮਨਦੀਪ ਕੌਰ, ਡਾ. ਕੁਲਵਿੰਦਰ ਸਿੰਘ, ਡਾ. ਗਗਨਦੀਪ ਸਿੰਘ, ਬੀਬੀ ਕੁਲਵਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦੇ ਹਾਜ਼ਰ ਸਨ।