-ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ
-ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 25 ਅਕਤੂਬਰ- ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸ਼ਾਮਲ ਹੋਏ, ਉਥੇ ਹੀ ਵੱਖ-ਵੱਖ ਧਾਰਮਿਕ ਜੱਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨ ਹਿੱਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ ੧੨ ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ ‘ਤੇ ਸਜਾਇਆ ਗਿਆ। ਇਸ ੧੦ ਕਿਲੋਮੀਟਰ ਦੇ ਕਰੀਬ ਰਸਤੇ ‘ਤੇ ਸਕੂਲੀ ਵਿਦਿਆਰਥੀ ਅਤੇ ਸੰਗਤਾਂ ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਸਨ। ਨਗਰ ਕੀਰਤਨ ਦਾ ਚੱਲ ਰਹੀਆਂ ਸੰਗਤਾਂ ਵਿਚ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਲਕੀਤ ਸਿੰਘ ਚੰਗਾਲ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਬਿਕਰਮਜੀਤ ਸਿੰਘ ਕੋਟਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਇਕਬਾਲ ਸਿੰਘ ਮੁੰਬਈ, ਸ. ਭੁਪਿੰਦਰ ਸਿੰਘ ਮਿਨਹਾਸ, ਸ. ਰਾਜਿੰਦਰ ਮੋਹਨ ਸਿੰਘ ਛੀਨਾ, ਸ. ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਆਦਿ ਮੌਜੂਦ ਸਨ।

ਅਮਰੀਕਾ, ਦੁਬਈ, ਅਫਗਾਨ ਦੀ ਸੰਗਤ ਤੇ ੫੨ ਕਿੱਤਾਕਾਰ ਹੋਏ ਨਗਰ ਕੀਰਤਨ ‘ਚ ਸ਼ਾਮਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜੇ ਗਏ ਸਨ, ਜਿਸ ਨੂੰ ਪ੍ਰਵਾਨ ਕਰਦਿਆਂ ਅਮਰੀਕਾ, ਦੁਬਈ, ਅਫਗਾਨਿਸਾਨ, ਜੰਮੂ ਕਸ਼ਮੀਰ, ਮੁੰਬਈ, ਦਿੱਲੀ ਆਦਿ ਦੀ ਸੰਗਤ ਨੇ ਵਿਸ਼ੇਸ਼ ਤੌਰ ‘ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ। ਅਮਰੀਕਾ ਤੋਂ ਸ. ਕੁਲਬੀਰ ਸਿੰਘ ਦੀ ਅਗਵਾਈ ਵਿਚ ਸਿੱਖ ਧਰਮਾ ਇੰਟਰਨੈਸ਼ਨਲ ਦੇ ੧੫੦ ਮੈਂਬਰੀ ਜਥੇ ਨੇ ਖ਼ਾਲਸਾਈ ਬਾਣੇ ਵਿਚ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਦੁਬਈ ਅਤੇ ਅਫਗਾਨਿਸਤਾਨ (ਕਾਬਲ ਤੇ ਖੋਸਤ) ਦੀ ਸੰਗਤ ਵੀ ਵਿਸ਼ੇਸ਼ ਤੌਰ ‘ਤੇ ਨਗਰ ਕੀਰਤਨ ਵਿਚ ਪਹੁੰਚੀ। ਇਸ ਦੇ ਨਾਲ ਹੀ ਨਗਰ ਕੀਰਤਨ ਵਿਚ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਦੀ ਸਥਾਪਨਾ ਸਮੇਂ ਇਥੇ ਵਸਾਏ ੫੨ ਕਿੱਤਾਕਾਰਾਂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ, ਦੁਬਈ, ਅਫਗਾਨਿਸਤਾਨ ਅਤੇ ੫੨ ਕਿੱਤਾਕਾਰਾਂ ਨੂੰ ਵਿਸ਼ੇਸ਼ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਸਨ।

ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਤੇ ਲਗਾਏ ਵੱਖ-ਵੱਖ ਪ੍ਰਕਾਰ ਦੇ ਲੰਗਰ

ਨਗਰ ਕੀਰਤਨ ਦੇ ਸਾਰੇ ਰਸਤੇ ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਸਾਰੇ ਮਾਰਗ ‘ਤੇ ਸਵਾਗਤੀ ਗੇਟ ਅਤੇ ਕੇਸਰੀ ਝੰਡੀਆਂ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀਆਂ ਸਨ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ। ਜਿਸ ਦੇ ਚੱਲਦਿਆਂ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਜਿਥੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ। ਦੂਸਰੇ ਪਾਸੇ ਵੱਖ-ਵੱਖ ਤਰ੍ਹਾਂ ਦੇ ਲੰਗਰ ਸੰਗਤਾਂ ਦੀ ਟਹਿਲ ਸੇਵਾ ਲਈ ਲਗਾਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਮਾਰਗ ‘ਤੇ ਚਾਰ ਪੜਾਵਾਂ ਵਿਚ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਲਗਾਏ ਗਏ ਲੰਗਰਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪਕਵਾਨ, ਮਠਿਆਈਆਂ, ਪਕੌੜੇ, ਫਲ-ਫਰੂਟ ਆਦਿ ਵਿਸ਼ੇਸ਼ ਸਨ। ਨਗਰ ਕੀਰਤਨ ਦੇ ਸਵਾਗਤ ਲਈ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਦੋਹੀਂ ਪਾਸੀਂ ਕਤਾਰਾਂ ਬਣਾ ਕੇ ਨਗਰ ਕੀਰਤਨ ਦਾ ਸਵਾਗਤ ਕਰ ਰਹੇ ਹਨ, ਜਿਸ ਦਾ ਦ੍ਰਿਸ਼ ਦੇਖਣਯੋਗ ਸੀ।

ਚੌਥੇ ਪਾਤਸ਼ਾਹ ਸਬੰਧੀ ਗੁਰਮਤਿ ਸਾਹਿਤ ਦਾ ਵਿਤਰਣ

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵਿਸ਼ੇਸ਼ ਤੌਰ ‘ਤੇ ਵੰਡੇ ਗਏ। ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਸ਼ਾਵਾਂ ਵਿਚ ਮੌਜੂਦ ਸੀ। ਇਸ ਨੂੰ ਵੰਡਣ ਦਾ ਕਾਰਜ ਜਿਥੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਕਰਦੇ ਰਹੇ, ਉਥੇ ਹੀ ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਵੀ ਇਸ ਵਿਚ ਭਰਵਾਂ ਸਹਿਯੋਗ ਦਿੱਤਾ। ਸਾਹਿਤ ਵੰਡਣ ਦੀ ਸੇਵਾ ਕਰਨ ਵੇਲੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਕੁਲਵੰਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਤੇ ਸੌ ਤੋਂ ਵੱਧ ਸਾਬਕਾ ਮੁਲਾਜ਼ਮਾਂ ਨੇ ਸੇਵਾਵਾਂ ਨਿਭਾਈਆਂ।

ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਸਮੁੱਚੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਿੱਖ ਧਰਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ ਜੋ ਸਮੁੱਚੀ ਮਨੁੱਖਤਾ ਦੀ ਅਧਿਆਤਮਕ ਅਗਵਾਈ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਧਾਰਮਿਕ, ਆਰਥਿਕ, ਸਮਾਜਿਕ ਤੇ ਵਪਾਰਕ ਭਾਵ ਕਿ ਜੀਵਨ ਦੀ ਉੱਨਤੀ ਲਈ ਹਰ ਪੱਖ ਤੋਂ ਸਾਧਨ ਮੌਜੂਦ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਹੋਏ ਮਾਰਗ ‘ਤੇ ਚੱਲਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਭਾਈ ਲੌਂਗੋਵਾਲ ਨੇ ਇਕ ਵਾਰ ਫਿਰ ਸਮੂਹ ਸੰਗਤ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਹਾਰਦਿਕ ਵਧਾਈ ਦਿੱਤੀ।