ਅੰਮ੍ਰਿਤਸਰ, 21 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕਰ ਕੇ ਚੌਥੇ ਪਾਤਸ਼ਾਹ ਜੀ ਦੇ ੧੫ ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਸਮਾਗਮਾਂ ਦੀ ਰੂਪ ਰੇਖਾ ਤੋਂ ਜਾਣੂ ਕਰਵਾਇਆ ਅਤੇ ਸਹਿਯੋਗ ਦੀ ਅਪੀਲ ਕੀਤੀ, ਜਿਸ ‘ਤੇ ਹਾਜ਼ਰ ਸ਼ਖਸੀਅਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਡਾ. ਰੂਪ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਇਸ ਵਾਰ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਪਿਛਲੇ ਸਾਲ ਦੀ ਤਰ੍ਹਾਂ ੧੨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿਚ ਭਰਵੀਂ ਸ਼ਮੂਲੀਅਤ ਦੇ ਨਾਲ ਨਾਲ ਨਗਰ ਕੀਰਤਨ ਤੋਂ ਬਾਅਦ ਸਾਫ਼ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ੧੩ ਅਕਤੂਬਰ ਰਾਤ ਨੂੰ ਪੜਤਾਲ ਗਾਇਨ ਕੀਰਤਨ ਦਰਬਾਰ, ੧੪ ਅਕਤੂਬਰ ਨੂੰ ਰਾਗ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ੧੩ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਵੇਰ ਦੀ ਕਥਾ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਰਾਤ ਤੱਕ ਨਿਰੰਤਰ ਕੀਰਤਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ੧੫ ਅਕਤੂਬਰ ਨੂੰ ਵਿਸ਼ੇਸ਼ ਸਮਾਗਮ ਦੌਰਾਨ ੫੨ ਸਿੱਖ ਕਿਰਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ੫੨ ਲੋੜਵੰਤ ਪਰ ਹੁਸ਼ਿਆਰ ਵਿਦਿਆਰਥੀਆਂ ਦਾ ਵੀ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਉਨ੍ਹਾਂ ਨੂੰ ਇਕ ਸਾਲ ਦੀ ਫੀਸ ਦਿੱਤੀ ਜਾਵੇਗੀ। ਉਨ੍ਹਾਂ ਗੁਰੂ ਘਰਾਂ ਤੇ ਸਭਾ ਸੁਸਾਇਟੀਆਂ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਗੁਰਪੁਰਬ ਮੌਕੇ ਸੰਗਤਾਂ ਨੂੰ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾਉਣ ਦੇ ਨਾਲ ਨਾਲ ਗੁਰਪੁਰਬ ਸਮੇਂ ਘਿਉ ਦੇ ਦੀਵੇ ਬਾਲਣ ਲਈ ਪ੍ਰੇਰਤ ਕਰਨ। ਇਸ ਮੌਕੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਵੀ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਿੱਚੋਂ ਸ. ਭੁਪਿੰਦਰ ਸਿੰਘ, ਸ. ਨਿਰਭੈ ਸਿੰਘ, ਸ. ਗੁਲਸ਼ਨ ਸਿੰਘ, ਸ. ਬਲਵਿੰਦਰ ਸਿੰਘ, ਸ. ਚਰਨਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਸੁਖਵਿੰਦਰ ਸਿੰਘ, ਸ. ਜਗਦੀਸ਼ ਸਿੰਘ, ਸ. ਜਸਬੀਰ ਸਿੰਘ, ਸ. ਸਤਿੰਦਰਪਾਲ ਸਿੰਘ, ਸ. ਕੁਲਦੀਪ ਸਿੰਘ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਸ. ਹਰਮਨਜੀਤ ਸਿੰਘ, ਸ. ਪਰਮਜੀਤ ਸਿੰਘ, ਸ. ਅਵਤਾਰ ਸਿੰਘ, ਸ. ਗੁਰਸ਼ਰਨ ਸਿੰਘ, ਸ. ਸੁਰਜੀਤ ਸਿੰਘ, ਸ. ਸਵਰਨ ਸਿੰਘ ਰਾਣਾ, ਸ. ਗੁਰਵੇਲ ਸਿੰਘ ਘਈ, ਸ. ਸ਼ਰਨਜੀਤ ਸਿੰਘ, ਸ. ਲਖਵੰਤ ਸਿੰਘ, ਸ. ਜਗਦੀਸ਼ ਸਿੰਘ, ਸ. ਜਸਵੰਤ ਸਿੰਘ, ਸ. ਅਰਮਜੀਤ ਸਿੰਘ, ਸ. ਜਸਮੀਤ ਸਿੰਘ, ਠੇਕੇਦਾਰ ਗੁਰਮੀਤ ਸਿੰਘ, ਸ. ਰਵਿੰਦਰ ਸਿੰਘ, ਸ. ਚਰਨਜੀਤ ਸਿੰਘ ਆਦਿ ਮੌਜੂਦ ਸਨ।