ਅੰਮ੍ਰਿਤਸਰ, ੧ ਅਕਤੂਬਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ‘ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਵੱਲੋਂ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਅੱਜ ਹੋਈ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਸਮੇਤ ਸ਼੍ਰੋਮਣੀ ਕਮੇਟੀ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ।
ਡਾ. ਰੂਪ ਸਿੰਘ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਹਿਲਾਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਅਪੀਲ ‘ਤੇ ਮੇਅਰ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਰਵੇ ਕਰਵਾ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜਿਥੇ-ਜਿਥੇ ਵੀ ਲੋੜ ਹੋਈ ਸੜਕਾਂ ਠੀਕ ਕਰਵਾਈਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪ੍ਰਕਾਸ਼ ਗੁਰਪੁਰਬ ਨੂੰ ਯਾਦਗਾਰੀ ਬਣਾਉਣ ਲਈ ਨਗਰ ਨਿਗਮ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਸਾਰੇ ਰਸਤੇ ਦੀ ਸਾਫ਼ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਇਕੱਤਰਤਾ ਦੌਰਾਨ ਡਾ. ਰੂਪ ਸਿੰਘ ਨੇ ਗੁਰਪੁਰਬ ਮੌਕੇ ਅੰਮ੍ਰਿਤਸਰ ਦੀਆਂ ਸਰਕਾਰੀ ਇਮਾਰਤਾਂ ਨੂੰ ਰੁਸ਼ਨਾਉਣ ਲਈ ਨਗਰ ਨਿਗਮ ਮੇਅਰ ਨੂੰ ਕਿਹਾ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ‘ਤੇ ਦੁਕਾਨਦਾਰਾਂ ਵੱਲੋਂ ਬਾਹਰ ਵਧਾਇਆ ਸਮਾਨ ਚੁਕਵਾਉਣ ਦਾ ਮਾਮਲਾ ਵੀ ਉਠਾਇਆ, ਜਿਸ ‘ਤੇ ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਜੁਆਇੰਟ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਸਮੇਤ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਲੇਹਲ, ਸ. ਮੁਖਤਾਰ ਸਿੰਘ ਮੈਨੇਜਰ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਨਗਰ ਨਿਗਮ ਦੇ ਐਕਸੀਅਨ ਸ. ਸੰਦੀਪ ਸਿੰਘ ਤੇ ਵਿਜੈ ਕੁਮਾਰ ਸਮੇਤ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।