ਅੰਮ੍ਰਿਤਸਰ ੧੪ ਅਕਤੂਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਨੂੰ ਆਪਣੇ ਹੱਥੀਂ ਵਸਾਉਣ ਵਾਲੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ੧੫ ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿਚ ਧਾਰਮਿਕ ਸਭਾ ਸੁਸਾਇਟੀਆਂ, ਗੁਰੂ ਘਰ ਦੇ ਪ੍ਰੇਮੀ, ਸ਼ਬਦੀ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਣਗੇ।ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਵੇਗਾ।ਸ. ਬੇਦੀ ਨੇ ਕਿਹਾ ਕਿ ਇਸ ਇਤਿਹਾਸਕ ਸਮੇਂ ੧੬ ਅਕਤੂਬਰ ਦਿਨ ਐਤਵਾਰ ਰਾਤ ੭:੦੦ ਵਜੇ ਤੋਂ ਅੰਮ੍ਰਿਤ ਵੇਲੇ ੧:੦੦ ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਦਵਿੰਦਰ ਸਿੰਘ ਜਲੰਧਰ, ਭਾਈ ਕੰਵਰਪਾਲ ਸਿੰਘ ਦੇਹਰਾਦੂਨ ਤੇ ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲਿਆਂ ਦੇ ਜਥੇ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਕਿਹਾ ਕਿ ੧੭ ਅਕਤੂਬਰ ਨੂੰ ਸਵੇਰੇ ਕਥਾ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ, ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ ਤੇ ਰਾਤ ੮:੦੦ ਵਜੇ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ‘ਤੇ ਨਗਰ ਕੀਰਤਨ ਅਤੇ ਹੋਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।