ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 22 ਸਤੰਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਗੁਰੂ ਨਗਰੀ ਵਿਚ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਨੂੰ ਵਿਚਾਰਿਆ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਨੂੰ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚੋਂ ਦੁਕਾਨਾਂ ਦੇ ਬਾਹਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ, ਤਾਂ ਜੋ ਸੰਗਤਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ। ਬੈਠਕ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅੰਮ੍ਰਿਤਸਰ ਦੇ ਐਸਡੀਐਮ ਸ. ਮਨਕੰਵਲ ਸਿੰਘ ਚਾਹਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਆਈਪੀਐਸ ਡਾ. ਮਹਿਤਾਬ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਰਦਿਆਂ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਵਿਵਸਥਾ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।
ਇਕੱਤਰਤਾ ’ਚ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ, ਐਸਐਚਓ ਸ. ਜਸਪਾਲ ਸਿੰਘ, ਸ. ਪਰਮਜੀਤ ਸਿੰਘ, ਇੰਜੀ: ਸੰਦੀਪ ਸਿੰਘ ਆਦਿ ਹਾਜ਼ਰ ਸਨ।