ਨਵੀਂ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲੀ ਇਮਾਰਤ ਵਾਂਗ ਦਿੱਖ ਦਿੱਤੀ ਜਾਵੇਗੀ -ਭਾਈ ਲੌਂਗੋਵਾਲ

ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ ਕਰਵਾਉਣਗੇ ਕਾਰ ਸੇਵਾ

ਅੰਮ੍ਰਿਤਸਰ, 24 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਥਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ਤਰ੍ਹਾਂ ਪੁਰਾਤਨ ਦਿੱਖ ਦੇਣ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਕਾਰ ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ ਅਤੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸ੍ਰੀ ਅਨੰਦ ਸਾਹਿਬ ਦੇ ਪਾਠ ਤੋਂ ਬਾਅਦ ਕਾਰ ਸੇਵਾ ਦੀ ਆਰੰਭਤਾ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਦਿਨੋਂ ਦਿਨ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਇਮਾਰਤ ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਇਮਾਰਤ ਦੀ ਬਾਹਰੀ ਦਿੱਖ ਨੂੰ ਪਹਿਲੀ ਇਮਾਰਤ ਵਾਂਗ ਬਣਾਇਆ ਜਾਵੇਗਾ ਅਤੇ ਇਸ ਕਾਰਜ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਇਸ ਪਾਵਨ ਅਸਥਾਨ ’ਤੇ ਪਹੁੰਚਦੀਆਂ ਸੰਗਤਾਂ ਦੀ ਸਹੂਲਤ ਲਈ ਵੱਧ ਤੋਂ ਵੱਧ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੰਗਰ ਘਰ ਦੀ ਨਵੀਂ ਇਮਾਰਤ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਕੋ ਸਮੇਂ ਬੈਠ ਸਕਣਗੀਆਂ। ਉਨ੍ਹਾਂ ਕਿਹਾ ਕਿ ਉਪਰਲੀਆਂ ਮੰਜ਼ਲਾਂ ਲਈ ਸੰਗਤਾਂ ਦੀ ਸਹੂਲਤ ਲਈ ਨਵੀਂ ਇਮਾਰਤ ਵਿਚ ਲਿਫ਼ਟਾਂ ਵੀ ਲਗਾਈਆਂ ਗਈਆਂ ਹਨ, ਜਿਨ੍ਹਾਂ ਦਾ ਸ਼ਰਧਾਲੂਆਂ ਨੂੰ ਲਾਭ ਹੋਵੇਗਾ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਤਿੰਦਰ ਸਿੰਘ ਬਾਜਵਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਸੁਖਜਿੰਦਰ ਸਿੰਘ ਐਸ.ਡੀ.ਓ. ਸਮੇਤ ਹੋਰ ਹਾਜ਼ਰ ਸਨ।