ਅੰਮ੍ਰਿਤਸਰ 29 ਜੂਨ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਜੋ ਖਸਤਾ ਹੋ ਚੁੱਕੀ ਹੈ ਨੂੰ ਮੁੜ ਬਣਾਉਣ ਦਾ ਜੋ ਫੈਸਲਾ ਕੀਤਾ ਗਿਆ ਹੈ ਉਸ ਸਬੰਧੀ ਹੋਰ ਵੱਖ-ਵੱਖ ਵਿਸ਼ੇਸ਼ ਮਾਹਰਾਂ ਦੀ ਰਾਏ ਪ੍ਰਾਪਤ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਸਰਾਵਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬਣਾਈਆਂ ਜਾਂਦੀਆਂ ਹਨ ਨਾ ਕਿ ਰਾਜਸੀ ਲਾਹਾ ਲੈਣ ਵਾਸਤੇ ਇਨ੍ਹਾਂ ਦੀ ਉਸਾਰੀ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਫਾਲਤੂ ਦੀ ਬਿਆਨਬਾਜ਼ੀ ਕਰਕੇ ਆਪਣਾ ਨਾਮ ਚਮਕਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਸੰਕੋਚ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਆਪ ਕੁਝ ਬਣਾ ਨਹੀਂ ਸਕਦੇ ਜੇਕਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਕੀਤਾ ਜਾ ਰਿਹਾ ਹੈ ਤਾਂ ਉਸ ਵਿੱਚ ਅੱੜਿਕਾ ਬਣ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣੀਆਂ ਪੁਰਾਤਨ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦਾ ਪੂਰਨ ਖਿਆਲ ਹੈ ਤੇ ਉਸ ਲਈ ਸੁੱਚਜੇ ਪ੍ਰਬੰਧ ਕੀਤੇ ਜਾ ਰਹੇ ਹਨ।ਇਨ੍ਹਾਂ ਲੋਕਾਂ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਅੱਜ ਸ਼੍ਰੋਮਣੀ ਕਮੇਟੀ ਤੇ ਉਂਗਲ ਚੁੱਕ ਰਹੇ ਹਨ ਉਨ੍ਹਾਂ ਨੂੰ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਕਿ ਉਨ੍ਹਾਂ ਕਿਹੜੇ ਵੱਡੇ ਮਾਅਰਕੇ ਮਾਰੇ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਅਜਿਹੀਆਂ ਗੁੰਮਰਾਹਕੁੰਨ ਕਰਨ ਵਾਲੀ ਬਿਆਨਬਾਜ਼ੀ ਤੋਂ ਗੁਰੇਜ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦਾ ਨਕਸ਼ਾ ਵੀ ਪੁਰਾਤਨ ਇਮਾਰਤ ਵਰਗਾ ਹੀ ਮੁਖ ਦੁਆਰ ਤੋਂ ਹੋਵੇਗਾ ਪਿੱਛੇ ਬਣਨ ਵਾਲੇ ਕਮਰਿਆਂ ਨੂੰ ਨਵੀਨੀਕਰਨ ਦਿੱਤਾ ਜਾਵੇਗਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ੨ ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੁਰੰਮਤ ਆਰੰਭ ਕਰਵਾਉਣ ਅਤੇ ਸਾਰਾਗੜ੍ਹੀ ਸਰਾਂ ਫੇਜ ੨ ਦਾ ਨੀਂਹ ਪੱਥਰ ਰੱਖਿਆ ਜਾਵੇਗਾ।