ਅੰਮ੍ਰਿਤਸਰ, 5 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਲਈ ਇਕ ਨਵੀਂ ਨੀਤੀ ਦਾ ਸੰਚਾਰ ਕੀਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਅਤੇ ਸਿੱਖਾਂ ਨੂੰ ਜੁਲਮ ਖਿਲਾਫ਼ ਸੰਘਰਸ਼ ਦੀ ਪ੍ਰੇਰਣਾ ਕੀਤੀ। ਇਸੇ ਤਹਿਤ ਹੀ ਗੁਰੂ ਸਾਹਿਬ ਨੇ ਚਾਰ ਯੁੱਧ ਲੜੇ ਅਤੇ ਜਿੱਤਾਂ ਦਰਜ ਕੀਤੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਦੀ ਸੇਧ ਵਿਚ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਦੀ ਪ੍ਰੇਰਣਾ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਅਜ਼ਾਦ ਹੋਂਦ ਹਸਤੀ ਅਤੇ ਇਲਾਹੀ ਜਲੌ ਦਾ ਪ੍ਰਤੀਕ ਹੈ। ਇਸ ਸਿਧਾਂਤ ’ਤੇ ਪਹਿਰਾ ਦੇਣਾ ਹਰ ਸਿੱਖ ਦਾ ਫ਼ਰਜ਼ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ ਅਤੇ ਸੰਗਤਾਂ ਹਾਜ਼ਰ ਸਨ।