ਵਰਟੀਕਲ ਗਾਰਡਨ ਮਗਰੋਂ ਹੁਣ ਛੱਤਾਂ ’ਤੇ ਨਜ਼ਰ ਆਉਗੇ ਹਰੇ ਭਰੇ ਬੂਟੇ

ਡਾ. ਰੂਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ

ਅੰਮ੍ਰਿਤਸਰ, 04 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉੱਪਰ ਵੀ ਬੂਟੇ ਨਜ਼ਰ ਆਉਣਗੇ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਨਾਲ ਸ਼ੁਰੂ ਕੀਤੀ ਗਈ ਵਾਤਾਵਰਨ ਸ਼ੁੱਧਤਾ ਮੁਹਿੰਮ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਇਸ ਦੇ ਪਹਿਲੇ ਪੜਾਅ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਆਉਂਦੇ ਰਸਤਿਆਂ ਦੀਆਂ ਦੀਵਾਰਾਂ ’ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਅਗਲੇ ਪੜਾਅ ਤਹਿਤ ਛੱਤਾਂ ਉਪਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸ਼ੁੱਧ, ਹਰਿਆ ਭਰਿਆ ਅਤੇ ਸੁਗੰਧੀ ਭਰਪੂਰ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਛੱਤਾਂ ਉਪਰ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਇਮਾਰਤਾਂ ਦੀਆਂ ਛੱਤਾਂ ’ਤੇ ਵਿਸ਼ੇਸ਼ ਵਡ-ਅਕਾਰੀ ਕਿਆਰੀਆਂ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਹਰਿਆਵਲ ਭਰਪੂਰ ਬੂਟੇ ਲਗਾਏ ਜਾਣਗੇ। ਫਿਲਹਾਲ ਪ੍ਰਬੰਧਕੀ ਬਲਾਕ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਦੇ ਬਰਾਂਡਿਆਂ ਉੱਪਰ ਵੀ ਗਮਲਿਆਂ ਵਿਚ ਬੂਟੇ ਲਗਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਨਾਲ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਵਰਟੀਕਲ ਗਾਰਡਨ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਇਥੋਂ ਵਾਤਾਵਰਨ ਦੀ ਸਾਂਭ-ਸੰਭਾਲ ਦਾ ਸੁਨੇਹਾ ਲੈ ਕੇ ਜਾਣ। ਉਨ੍ਹਾਂ ਸੰਗਤ ਨੂੰ ਵਾਤਾਵਰਨ ਬਿਹਤਰ ਬਣਾਉਣ ਲਈ ਆਪੋ-ਆਪਣੇ ਘਰਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੇਵਲ ਸਿੰਘ ਗਿੱਲ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।