ਸਕਰੀਨ ਦਾ ਮਕਸਦ ਸ਼ਰਧਾਲੂਆਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ। ਇਹ ਸਕਰੀਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਨਜ਼ਦੀਕ ਲਗਾਈ ਗਈ ਹੈ, ਜਿਸ ਦੀ ਸੇਵਾ ਓਬਰਾਏ ਗਰੁੱਪ ਯੂਕੇ ਅਤੇ ਦੁਬਈ ਦੇ ਸ. ਜਸਪ੍ਰੀਤ ਸਿੰਘ ਨੇ ਕਰਵਾਈ ਹੈ। ਸਥਾਪਤ ਕੀਤੀ ਗਈ ਇਸ ਸਕਰੀਨ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਨੂੰ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨ ਭਾਸ਼ਾਵਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਸਕਰੀਨ ਦਾ ਉਦਘਾਟਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋਣ ਮੌਕੇ ਪੰਜਾਬ ਤੋਂ ਇਲਾਵਾ ਦੇਸ਼ ਦੁਨੀਆਂ ਤੋਂ ਸੰਗਤਾਂ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਸਕਰੀਨ ਲਗਾਉਣ ਦਾ ਮਕਸਦ ਸ਼ਰਧਾਲੂ ਸੰਗਤਾਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਕੁਝ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਸੰਗਤ ਤੱਕ ਪੁੱਜਦਾ ਕਰਨੇ ਜ਼ਰੂਰੀ ਹਨ, ਜੋ ਇਸ ਸਕਰੀਨ ਜ਼ਰੀਏ ਉਬਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ’ਤੇ ਤਿੰਨ ਭਾਸ਼ਾਵਾਂ ਵਿਚ ਸੰਗਤ ਦੇ ਧਿਆਨ ਰੱਖਣਯੋਗ ਗੱਲਾਂ ਨੂੰ ਪ੍ਰਸਤੁਤ ਕੀਤਾ ਗਿਆ ਹੈ, ਜਦਕਿ ਅਗਲੇ ਦਿਨਾਂ ਅੰਦਰ ਇਤਿਹਾਸ ਨਾਲ ਸਬੰਧਤ ਜਾਣਕਾਰੀਆਂ ਵੀ ਸ਼ਾਮਲ ਕਰ ਦਿੱਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਸਕਰੀਨ ਦੀ ਸੇਵਾ ਕਰਨ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਮਾਧਿਅਮ ਨਾਲ ਸੰਗਤ ਨੂੰ ਲੋੜੀਂਦੀਆਂ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ ਅਤੇ ਇਸੇ ਤਹਿਤ ਹੀ ਇਹ ਸਕਰੀਨ ਲਗਾਈ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਰਧਾਲੂ ਇਸ ਤੋਂ ਜ਼ਰੂਰ ਲਾਭ ਲੈਣਗੇ। ਇਸ ਮੌਕੇ ਓਬਰਾਏ ਪਰਿਵਾਰ ਦੇ ਮੈਂਬਰਾਂ ਨੂੰ ਸ਼੍ਰੋਮਟੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ ਅਤੇ ਹੋਰ ਮੌਜੂਦ ਸਨ।