ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਹੋਰਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, ੧੨ ਜੁਲਾਈ- ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲੁਧਿਆਣਾ ਸ਼ਹਿਰ ਦੇ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੀਆਂ ਸੰਗਤਾਂ ਵੱਲੋਂ ੩੦੦ ਕੁਇੰਟਲ ਦਾਲ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰੇਰਣਾ ਨਾਲ ਹਲਕੇ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਇਹ ਸੇਵਾ ਭੇਜੀ ਗਈ ਹੈ। ਜਥੇਦਾਰ ਗਾਬੜੀਆ ਅਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ ਵੱਧ ਤੋਂ ਵੱਧ ਰਸਦਾਂ ਭੇਜਣ, ਕਿਉਂਕਿ ਗੁਰੂ ਕੇ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੇ ਹਨ। ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਕਰਨ ਦਾ ਸੁਭਾਗ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ। ਲੁਧਿਆਣਾ ਦੀਆਂ ਜਿਨ੍ਹਾਂ ਸੰਗਤਾਂ ਨੇ ਸੇਵਾ ਵਿਚ ਹਿੱਸਾ ਪਾਇਆ ਹੈ, ਉਹ ਭਾਗਸ਼ਾਲੀ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ। ਗੁਰੂ ਸਾਹਿਬ ਦਾ ਪਾਵਨ ਦਰ ਸਭ ਲਈ ਸਾਂਝਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਦਰਸ਼ਨ ਸਿੰਘ ਪੀ.ਏ., ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਬਲਵਿੰਦਰ ਸਿੰਘ ਲਾਇਲਪੁਰੀ, ਸ. ਤੇਜਿੰਦਰ ਸਿੰਘ ਡੰਗ, ਸ. ਬਲਜੀਤ ਸਿੰਘ ਲੁਧਿਆਣਾ ਆਦਿ ਮੌਜੂਦ ਸਨ।