ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੦ ਜੁਲਾਈ, ੨੦੨੬ (ਅੰਗ: ੬੮੦)

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 1 ਅਕਤੂਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਕੈਨਰਾ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀਐੱਸਆਰ ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਬੈਂਕਾਂ ਵੱਲੋਂ ਸੇਵਾਵਾਂ ਵਿਚ ਯੋਗਦਾਨ ਪਾਇਆ ਗਿਆ ਹੈ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨਰਾ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੈਨਰਾ ਬੈਂਕ ਦੇ ਚੇਅਰਮੈਨ ਸ. ਹਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਦੇ ਬੈਂਕ ਵੱਲੋਂ ਸੰਗਤ ਦੀ ਸਹੂਲਤ ਲਈ ਛੋਟੀ ਜਿਹੀ ਭੇਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਸਿੱਧਾ ਸੰਗਤਾਂ ਨੂੰ ਪੁੱਜਦਾ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਜੀਤ ਸਿੰਘ ਜਲਾਲਊਸਮਾਂ, ਸ. ਮੋਹਨ ਸਿੰਘ ਬੰਗੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕੈਨਰਾ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਮਨੋਜ ਕੁਮਾਰ ਦਾਸ, ਸ੍ਰੀ ਸੰਦੀਪ ਸਕਸੈਨਾ, ਸ੍ਰੀ ਅਨੁਰਾਗ, ਸ੍ਰੀ ਵਿਸ਼ਨੂ ਅਗਰਵਾਲ, ਸ੍ਰੀ ਰਜਤ ਸਕਸੈਨਾ ਤੇ ਸ੍ਰੀ ਰਾਜੇਸ਼ ਕੁਮਾਰ ਵੀ ਮੌਜੂਦ ਸਨ।