ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 11 ਦਸੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਓੜੀ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਲਈ ਤਿਆਰ ਕੀਤੇ ਕਮਰੇ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸੰਗਤ ਅਰਪਣ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਦੀ ਇਸ ਪਾਵਨ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਵੀ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਨਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ ਦੀ ਡਿਓੜੀ ਦੇ ਉੱਪਰ ਵਾਲੇ ਅਸਥਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਲਈ ਇਹ ਕਮਰੇ ਤਿਆਰ ਕੀਤੇਹ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ’ਤੇ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਸ. ਪ੍ਰਭਜੋਤ ਸਿੰਘ ਤੇ ਸ. ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਗੁਰਨਾਮ ਸਿੰਘ, ਬਾਬਾ ਰਣਜੀਤ ਸਿੰਘ ਗੋਨੇਆਣਾ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ ਅਤੇ ਹੋਰ ਮੌਜੂਦ ਸਨ।