ਅੰਮ੍ਰਿਤਸਰ, ੧੮ ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਗੱਠੜੀ ਘਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ। ਇਹ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਪਹਿਲਾਂ ਚੱਲਦੇ ਗੱਠੜੀ ਘਰ ਦੀ ਜਗ੍ਹਾ ‘ਤੇ ਹੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੱਠੜੀ ਘਰ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਦੀ ਆਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਰੋਜ਼ਾਨਾ ਨਤਮਸਤਕ ਹੁੰਦੀਆਂ ਵੱਡੀ ਗਿਣਤੀ ਸੰਗਤਾਂ ਦਾ ਸਮਾਨ ਰੱਖਣ ਲਈ ਗੱਠੜੀ ਘਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸੰਗਤਾਂ ਦੀ ਸਹੂਲਤ ਲਈ ਪਹਿਲਾਂ ਵੀ ਗੱਠੜੀ ਘਰ ਮੌਜੂਦ ਹਨ, ਲੇਕਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਵੇਂ ਤਿਆਰ ਕੀਤੇ ਜਾਣ ਵਾਲੇ ਗੱਠੜੀ ਘਰ ਨਾਲ ਇਸ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੀ ਕਾਰਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੀ ਸੌਂਪੀ ਗਈ ਹੈ ਅਤੇ ਇਸ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਭਾਈ ਲੌਂਗੋਵਾਲ ਨੇ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਮਹਿੰਦਰ ਸਿੰਘ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਉਦੈ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਐਸ.ਡੀ.ਓ. ਸ. ਸੁਖਜਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।