-ਸਬ ਕਮੇਟੀ ਦੀ ਇਕੱਤਰਤਾ ‘ਚ ਮੁਕੰਮਲ ਰੂਟ ਕੀਤਾ ਤਿਆਰ

ਅੰਮ੍ਰਿਤਸਰ, 6 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ੫ ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੇ ਰੂਟ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਹਰ ਸੂਬੇ ਅੰਦਰ ਇਸ ਦਾ ਭਰਵਾਂ ਸਵਾਗਤ ਹੋਇਆ ਹੈ। ਇਸੇ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਦਾ ਮੁਕੰਮਲ ਰੂਟ ਤੈਅ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ੧੫ ਅਕਤੂਬਰ ਨੂੰ ਨਗਰ ਕੀਰਤਨ ਪੰਜਾਬ ਅੰਦਰ ਪ੍ਰਵੇਸ਼ ਕਰੇਗਾ ਜਿਥੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ੨੧ ਦਿਨ ਬਾਅਦ ਪ੍ਰਕਾਸ਼ ਪੁਰਬ ਸਮਾਗਮਾਂ ਦੇ ਕੇਂਦਰੀ ਅਸਥਾਨ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। ੪ ਨਵੰਬਰ ਨੂੰ ਸਟੇਟ ਗੁਰਦੁਆਰਾ ਕਪੂਰਥਲਾ ਵਿਖੇ ਰਾਤ ਦਾ ਵਿਸ਼ਰਾਮ ਮਗਰੋਂ ੫ ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਗੀ ਹੋਵੇਗੀ। ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਸਮੇਂ ਨਗਰ ਕੀਰਤਨ ਦੇ ਅਲੌਕਿਕ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਜਹਾਜ਼ ਰਾਹੀਂ ਫੁੱਲ ਪੱਤੀਆਂ ਦੀ ਵਰਖਾ ਹੋਵੇਗੀ ਅਤੇ ਬੈਂਡ ਦੇ ਨਾਲ-ਨਾਲ ਗਤਕਾ ਅਖਾੜੇ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੇ। ਇਸ ਮੌਕੇ ਭਾਈ ਲੌਂਗੋਵਾਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਦਰਬਾਰਾ ਸਿੰਘ ਗੁਰੂ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਸਵਿੰਦਰ ਸਿੰਘ ਸਭਰਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਸ. ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਸਕੱਤਰ ਸਿੰਘ ਆਦਿ ਮੌਜੂਦ ਸਨ।
ਅੰਤਰਰਾਸ਼ਟਰੀ ਨਗਰ ਕੀਰਤਨ ਬਿਲਾਸਪੁਰ ਤੋਂ ਅਗਲੇ ਪੜਾਅ ਲਈ ਰਵਾਨਾ
ਇਸੇ ਦੌਰਾਨ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਸੰਬਲਪੁਰ ਤੋਂ ਅਗਲੇ ਪੜਾਅ ਬਿਲਾਸਪੁਰ ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਪਹਿਲਾਂ ਨਗਰ ਕੀਰਤਨ ਦੇ ਅੱਜ ਦਾ ਰਾਤ ਦਾ ਵਿਸ਼ਰਾਮ ਕੋਰਬਾ ਵਿਖੇ ਰੱਖਿਆ ਗਿਆ, ਪਰੰਤੂ ਰਸਤਾ ਖ਼ਰਾਬ ਹੋਣ ਕਾਰਨ ਹੁਣ ਬਿਲਾਸਪੁਰ ਵਿਖੇ ਵਿਸ਼ਰਾਮ ਕਰੇਗਾ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਬਲਪੁਰ ਵਿਖੇ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਮਗਰੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਰਵਾਨਗੀ ਕੀਤੀ ਗਈ। ਇਸ ਤੋਂ ਪਹਿਲਾਂ ਬੀਤੀ ਰਾਤ ਸੰਬਲਪੁਰ ਪੁੱਜਣ ‘ਤੇ ਸਥਾਨਕ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੁਰਜੀਤ ਸਿੰਘ, ਸੈਕਟਰੀ ਸ. ਅਮਰਜੀਤ ਸਿੰਘ, ਖ਼ਜ਼ਾਨਚੀ ਸ. ਗੀਤਮ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਸੇਵਾ ਨਿਭਾਅ ਰਹੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸੁਪਰਵਾਈਜ਼ਰ ਸ. ਰਜਵੰਤ ਸਿੰਘ ਰੰਧਾਵਾ, ਸ. ਗੁਰਮੇਜ ਸਿੰਘ, ਸ. ਬਲਦੇਵ ਸਿੰਘ, ਸ. ਗੁਰਦੇਵ ਸਿੰਘ, ਸ. ਬਖ਼ਸ਼ੀਸ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਗੁਰਸੇਵਕ ਸਿੰਘ ਪ੍ਰਚਾਰਕ, ਭਾਈ ਰਾਜਬੀਰ ਸਿੰਘ ਤੇ ਭਾਈ ਖੁਸ਼ਬੀਰ ਸਿੰਘ ਸਮੇਤ ਹੋਰ ਮੌਜੂਦ ਸਨ।