1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਰਾਹੀਂ ਪੰਜਾਂ ਤਖ਼ਤਾਂ ਲਈ ਰਵਾਨਾ ਹੋਵੇਗਾ ਨਗਰ ਕੀਰਤਨ

ਅੰਮ੍ਰਿਤਸਰ, 30 ਜੁਲਾਈ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ੧ ਅਗਸਤ ੨੦੧੯ ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ੫੦੦ ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋ ਗਿਆ ਹੈ। ਭਾਰਤ-ਪਾਕਿ ਵੰਡ ਤੋਂ ਬਾਅਦ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ੧ ਅਗਸਤ ਨੂੰ ਸਵੇਰੇ ੯ ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ। ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪੰਜ ਸੌ ਤੋਂ ਵੱਧ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਏ। ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਹਜ਼ੂਰ ਸਾਹਿਬ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਹੀਰਾ ਸਿੰਘ ਗਾਬੜੀਆ ਸਮੇਤ ਵੱਡੀ ਗਿਣਤੀ ‘ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅਧਿਕਾਰੀ, ਕਰਮਚਾਰੀ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿੰਘ ਸਭਾਵਾਂ ਦੇ ਆਗੂ ਅਤੇ ਸੰਗਤਾਂ ਸ਼ਾਮਲ ਸਨ। ਜਦੋਂਕਿ ਇਸ ਤੋਂ ਪਹਿਲਾਂ ਨਗਰ ਕੀਰਤਨ ਦੀਆਂ ਅਗਾਊਂ ਤਿਆਰੀਆਂ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਹਿਲਾਂ ਹੀ ਪਾਕਿਸਤਾਨ ਜਾ ਚੁੱਕਾ ਹੈ।
ਨਗਰ ਕੀਰਤਨ ਦੀ ਆਰੰਭਤਾ ਸਬੰਧੀ ਪਾਕਿਸਤਾਨ ਜਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਦੋਹਾਂ ਦੇਸ਼ਾਂ ‘ਚ ਆਪਸੀ ਵਿਸ਼ਵਾਸ ਅਤੇ ਸਾਂਝੀਵਾਲਤਾ ਦਾ ਮਾਹੌਲ ਸਿਰਜੇਗਾ। ਉਨ੍ਹਾਂ ਦੱਸਿਆ ਕਿ ੧ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਪੰਥਕ ਜਾਹੋ-ਜਲਾਲ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਉਨ੍ਹਾਂ ਪਾਕਿਸਤਾਨ ਰਵਾਨਾ ਹੋਣ ਮੌਕੇ ਸੰਗਤ ਨੂੰ ਅਪੀਲ ਕੀਤੀ ਕਿ ਉਹ ੧ ਅਗਸਤ ਨੂੰ ਦੁਪਹਿਰ ੧੨ ਵਜੇ ਅਟਾਰੀ ਸਰਹੱਦ ਵਿਖੇ ਵੱਡੀ ਗਿਣਤੀ ਵਿਚ ਪੁੱਜ ਕੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਦੇ ਪਾਤਰ ਬਣਨ। ਉਨ੍ਹਾਂ ਆਖਿਆ ਕਿ ਇਹ ਇਤਿਹਾਸਕ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰੇਗਾ ਅਤੇ ਗੁਰੂ ਸਾਹਿਬ ਦੀ ਮੁੱਲਵਾਨ ਵਿਚਾਰਧਾਰਾ ਨੂੰ ਪ੍ਰਚਾਰਨ ਵਿਚ ਵੀ ਯੋਗਦਾਨ ਪਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੂੰ ਵਧਾਈ ਦਿੱਤੀ।
ਜਥੇ ਦੀ ਰਵਾਨਗੀ ਸਮੇਂ ਸਿੰਘ ਸਾਹਿਬਾਨ, ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਭਗਵੰਤ ਸਿੰਘ ਸਿਆਲਕਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੇਲ ਸਿੰਘ ਸੰਗਤਪੁਰਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮਨਜੀਤ ਸਿੰਘ ਬੱਪੀਆਣਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਗੁਰਤੇਜ ਸਿੰਘ ਢੱਡੇ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਕਰਨੈਲ ਸਿੰਘ ਪੰਜੋਲੀ, ਬੀਬੀ ਗੁਰਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਹਰਜਿੰਦਰ ਕੌਰ, ਸ. ਗੁਰਦੀਪ ਸਿੰਘ ਭਾਟੀਆ, ਸ. ਬਲਵਿੰਦਰ ਸਿੰਘ ਵਈਂਪੂਈਂ, ਸ. ਜਸਬੀਰ ਸਿੰਘ ਧਾਮ, ਸ. ਅਮਰਬੀਰ ਸਿੰਘ ਢੋਟ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਕੁਲਵੰਤ ਸਿੰਘ ਮੰਨਣ, ਸ. ਪੀ.ਐਸ. ਪਸਰੀਚਾ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਮਨਜੀਤ ਸਿੰਘ ਬਾਠ, ਸ. ਅਤਵਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਤਲਵਿੰਦਰ ਸਿੰਘ ਬੁੱਟਰ ਕਾਲਮ ਨਵੀਸ ਆਦਿ ਮੌਜੂਦ ਸਨ।

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ ੭:੩੦ ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ੧ ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਭਾਈ ਦਿਆ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਪ੍ਰੇਮ ਸਿੰਘ ਨੇ ਲਿਆ। ਇਸ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ ਸਮੇਤ ਸੰਗਤਾਂ ਮੌਜੂਦ ਸਨ।