ਅਗਾਊਂ ਪ੍ਰਬੰਧਾਂ ਲਈ 27 ਨੂੰ ਸ਼੍ਰੋਮਣੀ ਕਮੇਟੀ ਦਾ ਵਫ਼ਦ ਹੋਵੇਗਾ ਰਵਾਨਾ

ਅੰਮ੍ਰਿਤਸਰ, 25 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਖਿੱਤੇ ਅੰਦਰ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਪਾਕਿਸਤਾਨ ਵਿਖੇ ਵੀ ਅਗਾਊਂ ਪ੍ਰਬੰਧਾਂ ਲਈ ਉੱਚ ਪੱਧਰੀ ਵਫ਼ਦ ਭੇਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਦਾ ਭਾਰਤ ਵਿਚਲਾ ਰੂਟ ਲਗਭਗ ਤੈਅ ਕਰ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਅਟਾਰੀ ਵਿਖੇ ਸਵਾਗਤੀ ਪ੍ਰਬੰਧ ਵੀ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ•ਾਂ ਦੱਸਿਆ ਕਿ ਪਾਕਿਸਤਾਨ ਵਿਖੇ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ 27 ਜੁਲਾਈ ਨੂੰ ਰਵਾਨਾ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਦੀ ਆਰੰਭਤਾ ਸਮੇਂ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚਣਗੀਆਂ ਅਤੇ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ ਮਿਲ ਕੇ ਜਾਹੋ-ਜਲਾਲ ਨਾਲ ਨਗਰ ਕੀਰਤਨ ਦਾ ਹਿੱਸਾ ਬਣਨਗੀਆਂ। ਭਾਈ ਲੌਂਗੋਵਾਲ ਅਨੁਸਾਰ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ, ਤਖ਼ਤ ਸਾਹਿਬਾਨ ਦੇ ਜਥੇਦਾਰ, ਦਿੱਲੀ ਕਮੇਟੀ ਦੇ ਪ੍ਰਮੁੱਖ ਆਗੂ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿੰਘ ਸਭਾਵਾਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 550 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਹਨ, ਜਿਨ•ਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਪ੍ਰਵਾਨਗੀ ਮਿਲ ਚੁੱਕੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਗਾਊਂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ 27 ਜੁਲਾਈ ਨੂੰ ਪਾਕਿਸਤਾਨ ਜਾਵੇਗਾ, ਜਦਕਿ ਬਾਕੀ ਸ਼ਰਧਾਲੂ 30 ਜੁਲਾਈ ਨੂੰ ਰਵਾਨਾ ਹੋਣਗੇ। ਉਨ•ਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 30 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ ਮਗਰੋਂ 1 ਅਗਸਤ ਨੂੰ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਉਨ•ਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਅਟਾਰੀ ਸਰਹੱਦ ਵਿਖੇ ਪੁੱਜ ਕੇ ਨਗਰ ਕੀਰਤਨ ਦਾ ਸਵਾਗਤ ਕਰਨ, ਤਾਂ ਜੋ ਇਸ ਦਾ ਪ੍ਰਭਾਵ ਚਿਰ ਸਦੀਵ ਤੱਕ ਸੰਗਤਾਂ ਦੇ ਮਨਾਂ ਦਾ ਹਿੱਸਾ ਬਣਿਆ ਰਹੇ।