ਅੰਮ੍ਰਿਤਸਰ, ੨੭ ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ੧ ਅਗਸਤ ਨੂੰ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਧਿਕਾਰੀਆਂ ਦੀਆਂ ਵੱਖ-ਵੱਖ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ੧ ਅਗਸਤ ਨੂੰ ਦੁਪਹਿਰ ੧੨:੦੦ ਵਜੇ ਦੇ ਕਰੀਬ ਅੰਤਰਰਾਸ਼ਟਰੀ ਸਰਹੱਦ ਰਾਹੀਂ ਅਟਾਰੀ ਦਾਖ਼ਲ ਹੋਵੇਗਾ, ਜਿਥੇ ਭਰਵੇਂ ਸਵਾਗਤ ਲਈ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਅਟਾਰੀ ਪੁੱਜਣ ਵਾਲੀ ਸੰਗਤ ਲਈ ਲੰਗਰਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਆਦਿ ਵੱਲੋਂ ਮੀਟਿੰਗ ਕੀਤੀ ਗਈ। ਦੂਸਰੇ ਪਾਸੇ ਇਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰਾਂ ਵੱਲੋਂ ਪ੍ਰਬੰਧਕੀ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਲਖਬੀਰ ਸਿੰਘ ਬੁੱਟਰ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ ਸ਼ਹੂਰਾ ਆਦਿ ਮੌਜੂਦ ਸਨ।