ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਸ਼ਨਿੱਚਰਵਾਰ, ੧੦ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੫ ਜੁਲਾਈ, ੨੦੨੬ (ਅੰਗ: ੬੮੮)

ਅੰਮ੍ਰਿਤਸਰ, 9 ਦਸੰਬਰ – ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁਤਲੇ ਫੂਕੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੀ ਇਸ ਸਿਖਰ ਸਨਮਾਨ ਵਾਲੀ ਪਦਵੀ ਦਾ ਨਿਰਾਦਰ ਹੈ। ਕੋਈ ਵੀ ਸੱਚਾ ਸਿੱਖ ਅਜਿਹੀ ਹਰਕਤ ਨਹੀਂ ਕਰ ਸਕਦਾ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵ ਉੱਚ ਅਸਥਾਨ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਅਤੇ ਜਥੇਦਾਰ ਸਾਹਿਬ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਪੰਜ ਸਿੰਘ ਸਾਹਿਬਾਨ ਨੇ ਗੰਭੀਰਤਾ ਨਾਲ ਲੈ ਕੇ ਫੈਸਲਾ ਸੁਣਾਇਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਫਰਜ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦੀ ਅਵੱਗਿਆ ਕਰਨ ਅਤੇ ਜਥੇਦਾਰ ਸਾਹਿਬ ਦਾ ਨਿਰਾਦਰ ਕਰਨ ਵਾਲੇ ਸੱਚੇ ਸਿੱਖ ਨਹੀਂ ਹੋ ਸਕਦੇ। ਐਡਵੋਕੇਟ ਧਾਮੀ ਨੇ ਆਖਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੇ ਪੁਤਲੇ ਫੂਕਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਅਜਿਹਾ ਕਰਕੇ ਸਿੱਖ ਕੌਮ ਦੀ ਸਨਮਾਨਜਨਕ ਹਸਤੀ ਦਾ ਨਿਰਾਦਰ ਕਰਨ ਦੀ ਅਵਗਿਆ ਕੀਤੀ ਹੈ ਉਨ੍ਹਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।