ਅੰਮ੍ਰਿਤਸਰ, 21 ਮਈ-
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸ੍ਰੀ ਪਾਉਂਟਾ ਸਾਹਿਬ ਦਾ ਸਾਕਾ 22 ਮਈ 1964 ਨੂੰ ਵਾਪਰਿਆ ਸੀ, ਜਿਸ ਵਿਚ 11 ਸਿੰਘ ਸ਼ਹੀਦ ਹੋ ਗਏ ਸਨ। ਇਸ ਸਾਕੇ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਵੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੀਤੇ ਸਾਲ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਸਾਲ ਵੀ ਭਲਕੇ 22 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਹ ਸਮਾਗਮ ਸਾਦੇ ਢੰਗ ਨਾਲ ਹੀ ਹੋਵੇਗਾ ਅਤੇ ਸੰਗਤੀ ਹਾਜ਼ਰੀ ਨਹੀਂ ਹੋਵੇਗੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਨਾਲ ਜੋੜਨਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਿੱਖ ਕੌਮ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦੇ ਸਿੰਘਾਂ ਦੀਆਂ ਕੁਰਬਾਨੀਆਂ ਮਹਾਨ ਹਨ। ਇਸ ਇਤਿਹਾਸ ਤੋਂ ਕੌਮ ਦੀ ਨੌਜੁਆਨੀ ਜਾਣੂ ਕਰਵਾਉਣਾ ਕੌਮ ਦਾ ਫ਼ਰਜ਼ ਹੈ। ਇਸੇ ਕਰਕੇ ਹੀ ਹਰ ਸਾਲ ਸ਼ਹੀਦਾਂ ਦੀ ਯਾਦ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਪਾਉਂਟਾ ਸਾਹਿਬ ਅਤੇ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਹੀ ਹਰ ਸਾਲ ਜਥੇਦਾਰ ਬਾਬਾ ਨਿਹਾਲ ਸਿੰਘ ਦੀ ਅਗਵਾਈ ਵਿਚ ਸਮਾਗਮ ਕਰਕੇ ਸ਼ਹੀਦਾਂ ਦੀ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ।