ਅੰਮ੍ਰਿਤਸਰ, ੧੨ ਜੁਲਾਈ- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪਿੰਡ ਮਹਿਤਾ ਦੇ ੮ ਸ਼ਰਧਾਲੂਆਂ ਦੇ ਲਾਪਤਾ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਇਕ ਪੱਤਰ ਲਿਖ ਕੇ ਸ਼ਰਧਾਲੂਆਂ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ‘ਤੇ ਸ਼ਰਧਾ ਭਾਵਨਾ ਨਾਲ ਪੁੱਜੇ ਯਾਤਰੂਆਂ ਦੇ ਲਾਪਤਾ ਹੋਣ ਨਾਲ ਉਨ੍ਹਾਂ ਦੇ ਪਰਿਵਾਰ ਸਦਮੇ ਵਿਚ ਹਨ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਭਾਲ ਲਈ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ।
ਪ੍ਰੋ: ਬਡੂੰਗਰ ਨੇ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਿਕ ਹੋਣ ਪੁੱਜਦੀਆਂ ਹਨ ਜਦਕਿ ਅਜਿਹੀਆਂ ਖਬਰਾਂ ਨਾਲ ਸੰਗਤ ਦੇ ਮਨ ਅੰਦਰ ਡਰ ਤੇ ਸਹਿਮ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਲਈ ਸੂਬਾ ਸਰਕਾਰ ਤੇ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਗੁਆਚੇ ਸ਼ਰਧਾਲੂਆਂ ਦੀ ਭਾਲ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।