ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 18 ਅਪ੍ਰੈਲ – ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫਿਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ। ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ। ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।