350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਰ ਰੇਲਾਂ ਚਲਾਉਣ ਦੀ ਮੰਗ ਕੀਤੀ

222 copyਅੰਮ੍ਰਿਤਸਰ: 17 ਅਗਸਤ () ਸ੍ਰ: ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਸ੍ਰ: ਨਿਰਮੈਲ ਸਿੰਘ ਜੌਲਾਂ ਕਲਾਂ ਅੰਤ੍ਰਿੰਗ ਮੈਂਬਰ ਅਤੇ ਸ੍ਰ: ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਿੰਨ ਮੈਂਬਰੀ ਵਫ਼ਦ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ੫ ਜਨਵਰੀ ੨੦੧੭ ਨੂੰ ਸਮੁੱਚੇ ਸੰਸਾਰ ਭਰ ਦੇ ਸਿੱਖਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਜਾਣਾ ਹੈ। ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਿੱਖਾਂ ਦੇ ਸਰਵਉੱਚ ਅਸਥਾਨ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਤੇ ਚਲਦੀ ਐਕਸਪ੍ਰੈਸ ਰੇਲ ਗੱਡੀ ਨੂੰ ਰੈਗੂਲਰ ਭਾਵ ਹਫ਼ਤੇ ‘ਚ ੭ ਦਿਨ ਚਲਾਇਆ ਜਾਵੇ। ਸੌਂਪੇ ਗਏ ਮੰਗ ਪੱਤਰ ਵਿੱਚ ਇਹ ਵੀ ਜਿਕਰ ਕੀਤਾ ਗਿਆ ਹੈ ਕਿ ਸੰਗਤਾਂ ਦੀ ਸਹੂਲਤ ਲਈ ਪਟਨਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੀਕ ਇਕ ਰੇਲ ਗੱਡੀ ਹੋਰ ਚਲਾਈ ਜਾਵੇ। ਦਿੱਤੇ ਗਏ ਮੰਗ ਪੱਤਰ ਬਾਰੇ ਹੋਰ ਵੇਰਵਾ ਦੇਂਦਿਆਂ ਸ੍ਰ: ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਰੇਲਵੇ ਮੰਤਰੀ ਨੂੰ ਮਿਲ ਕੇ ਬੇਨਤੀ ਕੀਤੀ ਗਈ ਹੈ ਕਿ ਸਿੱਖਾਂ ਦੇ ਪਾਵਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਨੂੰ ਵੀ ਪਟਨਾ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ ਤਾਂ ਜੋ ਸੰਗਤਾਂ ਇਨ੍ਹਾਂ ਗੁਰਧਾਮਾ ਦੇ ਦਰਸ਼ਨ-ਦੀਦਾਰੇ ਕਰ ਸਕਣ। ਸ੍ਰ: ਪੰਜੋਲੀ ਨੇ ਦੱਸਿਆ ਕਿ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ਨੂੰ ਬੜੇ ਧਿਆਨ ਨਾਲ ਪੜ੍ਹਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਮੰਗਾਂ ਤੇ ਹਮਦਰਦੀ ਨਾਲ ਪਹਿਲ ਦੇ ਅਧਾਰ ਤੇ ਵਿਚਾਰ ਕੀਤੀ ਜਾਵੇਗੀ।