ਗਿਆਨੀ ਜਗਤਾਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ

ਅੰਮ੍ਰਿਤਸਰ, 14 ਮਾਰਚ- ਸੰਮਤ ਨਾਨਕਸ਼ਾਹੀ ੫੫੧ ਦੀ ਆਮਦ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਗਿਆਨੀ ਹਰਪ੍ਰੀਤ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਸੰਗਤਾ ਨੂੰ ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਧਾਰਨੀ ਬਣਨਾ ਚਾਹੀਦਾ ਹੈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਤੇ ਸ. ਜਸਪਾਲ ਸਿੰਘ ਢੱਡੇ ਤੇ ਹੋਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।