ਅੰਮ੍ਰਿਤਸਰ, 10 ਮਾਰਚ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਸ੍ਰੀ ਪ੍ਰਵੀਨ ਗੋਇਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਨ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ। ਪੀਐਨਬੀ ਦੇ ਅਧਿਕਾਰੀ ਵੀ ਸ਼ੁਕਰਾਨੇ ਦੀ ਭਾਵਨਾ ਨਾਲ ਸੰਗਤ ਲਈ ਲੋੜੀਂਦੀਆਂ ਵਸਤੂਆਂ ਲੈ ਕੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਪੰਜਾਬ ਨਾਲ ਜੁੜਿਆ ਹੋਇਆ ਹੈ ਅਤੇ ਇਹ ਪਹਿਲਾਂ ਵੀ ਸੇਵਾਵਾਂ ਵਿਚ ਹਿੱਸਾ ਪਾਉਂਦੇ ਰਹੇ ਹਨ।
ਇਸ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਸੀਸ ਸਦਕਾ ਉਨ੍ਹਾਂ ਨੂੰ ਅੱਜ ਗੁਰੂ ਦਰਬਾਰ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਦਾ ਪੰਜਾਬ ਨਾਲ ਅਹਿਮ ਰਿਸ਼ਤਾ ਹੈ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵਿਚ ਹਿੱਸਾ ਪਾ ਕੇ ਵਡਭਾਗਾ ਮਹਿਸੂਸ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਬੈਂਕ ਦੇ ਸਟਾਫ ’ਤੇ ਆਪਣਾ ਅਸ਼ੀਰਵਾਦ ਬਣਾਈ ਰੱਖਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਸ੍ਰੀ ਪ੍ਰਵੀਨ ਗੋਇਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਪੀਐਨਬੀ ਬੈਂਕ ਦੇ ਸਰਕਲ ਹੈੱਡ ਸ੍ਰੀ ਹਰੀ ਓਮ, ਏਜੀਐਮ ਸ. ਜੀਐਸ ਬਾਠ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਸਮੇਤ ਹੋਰ ਹਾਜ਼ਰ ਸਨ।