ਪੰਥਕ ਹਿਤਾਂ ਲਈ ਪੰਥ ਪ੍ਰਚਾਰਕ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਤੋਂ ਗੁਰੇਜ ਕਰਨ
ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ‘ਚ ਕੀਤੇ ਗਏ ਅਹਿਮ ਫੈਸਲੇ
ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
ਅੰਮ੍ਰਿਤਸਰ 26 ਮਈ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ ੮੫, ੮੭, ਟਰੱਸਟ ਤੇ ਅਮਲਾ ਵਿਭਾਗ ਦੇ ਕੇਸਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਦੀ ਆਰੰਭਤਾ ਤੋਂ ਪਹਿਲਾਂ ਮੂਲ ਮੰਤਰ ਦੇ ਪਾਠ ਕੀਤੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਪਿਛਲੇ ਦਿਨੀਂ ਉੱਘੇ ਪੰਥਕ ਪ੍ਰਚਾਰਕਾਂ ਦਰਮਿਆਨ ਸ਼ੁਰੂ ਹੋਈ ਆਪਸੀ ਤਕਰਾਰ ਸਮੁੱਚੇ ਪੰਥ ਲਈ ਬੜਾ ਗੰਭੀਰ ਵਿਸ਼ਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਚਿੰਤਾਜਨਕ ਸਿੱਟੇ ਨਿਕਲ ਸਕਦੇ ਹਨ।ਉਨ੍ਹਾਂ ਨੇ ਦੋਹਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆ ਆਪਸੀ ਭਰਾ ਮਾਰੂ ਜੰਗ ਤੋਂ ਗੁਰੇਜ ਕਰਨ ਤੇ ਆਪਸੀ ਵੱਖਰੇਵਿਆ ਨੂੰ ਮਿਲ ਬੈਠ ਕੇ ਦੂਰ ਕਰਨ ਤਾਂ ਕਿ ਸਮੁੱਚੀ ਕੌਮ ਵਿੱਚ ਆਪਸੀ ਇਕਸੁਰਤਾ ਬਣੀ ਰਹੇ। ਉਨ੍ਹਾਂ ਗੁਰੂ ਸਾਹਿਬ ਵਲੱੋਂ ਵਰਸਾਈ ਪਾਵਨ ਧਰਤੀ ਸ੍ਰੀ ਹਰਿਮੰਦਰ ਸਾਹਿਬ ਦੇ ਚੁਫੇਰੇ ਸਮੁੱਚੇ ਸੁੰਦਰੀਕਰਨ ਅਤੇ ਚੌਗਿਰਦੇ ਦੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁੰਦਰੀਕਰਨ ਪ੍ਰੋਜੈਕਟ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆ ਹੋਇਆ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਆਸਥਾ ਦੇ ਕੇਂਦਰ ਵਜੋਂ ਜਾਣੇ ਜਾਂਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਪੈਦਲ ਜ਼ੋਨ ਵਜੋਂ ਵਿਕਸਤ ਕਰਨ ਦਾ ਉਪਰਾਲਾ ਇਕ ਸਹੀ ਕਦਮ ਹੈ।ਇਸ ਲਈ ਕਿਸੇ ਨੂੰ ਵੀ ਪੈਦਲ ਜ਼ੋਨ ਪ੍ਰੋਜੈਕਟ ਵਿੱਚ ਰੁਕਾਵਟ ਨਹੀਂ ਬਣਨਾ ਚਾਹੀਦਾ ਬਲਕਿ ਆਪਣੀ ਵਿਰਾਸਤ ਸੰਭਾਲ ਦੇ ਕਾਰਜਾਂ ਵਿੱਚ ਨਿੱਘਾ ਸਹਿਯੋਗ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ਤੇ ਰਾਜਿਸਥਾਨ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕਰਨ ਦੇ ਕੀਤੇ ਜਾ ਰਹੇ ਯਤਨ ਸਿੱਧੇ ਰੂਪ ਵਿੱਚ ਪੰਜਾਬੀ ਬੋਲੀ ਨੂੰ ਖਤਮ ਕਰਨ ਵਾਲੀ ਸੌੜੀ ਕਾਰਵਾਈ ਹੈ।ਜਦਕਿ ਸਮੁੱਚੇ ਸੰਸਾਰ ਦੇ ਨਕਸ਼ੇ ਉਪਰ ਪੰਜਾਬੀ ਭਾਸ਼ਾ ਬੜੀ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆ ਰਹੀ ਹੈ ਜਿਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਨੂੰ ਮੁੱਖ ਰੱਖਦੇ ਹੋਇਆਂ ਸਮੁੱਚੇ ਦੇਸ਼ ਅੰਦਰ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਤੇ ਵਿਕਸਤ ਕਰਨ ਦੇ ਕਾਰਜਾਂ ਵਿੱਚ ਆਪਣੇ ਵੱਲੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵੱਸ ਰਹੇ ਪੰਜਾਬੀਆਂ ਦੀ ਸਾਂਝ ਆਪਣੀ ਪੰਜਾਬੀ ਭਾਸ਼ਾ ਨਾਲ ਹੋਰ ਪ੍ਰਪੱਕ ਹੋ ਸਕੇ।ਉਨ੍ਹਾਂ ਕਿਹਾ ਕਿ ਜੂਨ ੧੯੮੪ ਵਿੱਚ ਸ੍ਰੀ ਦਰਬਾਰ ਸਾਹਿਬ ਤੇ ਹੋਏ ਫੌਜੀ ਹਮਲੇ, ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਹੋਏ ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ, ਹੋਂਦ ਚਿੱਲੜ ਤੇ ਪੀਲੀਭੀਤ ਕਾਂਡ ਦੌਰਾਨ ਮਾਰੇ ਗਏ ਬੇਦੋਸ਼ੇ ਸਿੱਖਾਂ ਦੀਆਂ aੁੱਭਰ ਕੇ ਸਾਹਮਣੇ ਆ ਰਹੀਆਂ ਘਟਨਾਵਾਂ ਸਿੱਖਾਂ ਦੇ ਜ਼ਖਮਾਂ ਨੂੰ ਮੁੜ ਹਰਾ ਕਰ ਰਹੀਆਂ ਹਨ।ਜਿਸ ਦੇ ਮੱਦੇਨਜ਼ਰ ਉਕਤ ਘਟਨਾਵਾਂ ਦੀ ਸੰਪੂਰਨ ਰੂਪ ਵਿੱਚ ਜਾਂਚ ਕਰਵਾਉਣ ਲਈ ਭਾਰਤ ਸਰਕਾਰ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਪੈਨਲ ਬਣਾ ਕੇ ਇਕ ਟਰੁੱਥ ਕਮਿਸ਼ਨ ਕਾਇਮ ਕਰੇ ਤਾਂ ਕਿ ੧੯੮੪ ਤੋਂ ਲੈ ਕੇ ਹੁਣ ਤੀਕ ਮਾਰੇ ਗਏ ਸਮੁੱਚੇ ਸਿੱਖਾਂ ਦੀ ਸਹੀ ਜਾਣਕਾਰੀ ਜਨਤਕ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ੧੯੧੪ ਵਿੱਚ ਵਾਪਰੇ ਕਾਮਾਗਾਟਾਮਾਰੂ ਜਹਾਜ਼ ਦੀ ਹਿਰਦੇ ਵੇਦਕ ਘਟਨਾ ਦੀ ਮਾਫੀ ਮੰਗਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਤ ਸੂਰਤ ਕਬੱਡੀ ਤੇ ਹਾਕੀ ਦੇ ਖਿਡਾਰੀਆਂ ਦੀ ਟੀਮ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਵੱਡੇ ਪੱਧਰ ਤੇ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ ਅਤੇ ਸਮੁੱਚੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ, ਕੋਚਿੰਗ, ਯੋਗ ਗਰਾਊਂਡਾਂ ਅਤੇ ਪੋਸ਼ਟਿਕ ਭੋਜਨ ਉਪਲਬੱਧ ਕਰਵਾਉਣ ਲਈ ਮਾਲੀ ਗ੍ਰਾਂਟ ਵੀ ਰਾਖਵੀ ਰੱਖੀ ਜਾ ਰਹੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸ਼ਾਨਾਮਤੀ ਪ੍ਰਾਪਤੀਆਂ ਦਰਜ ਕਰਵਾ ਕੇ ਦੇਸ਼ ਤੇ ਕੌਮ ਦਾ ਨਾਮ ਰੌਸ਼ਨ ਕਰ ਸਕਣ।
ਇਕੱਤਰਤਾ ‘ਚ ਲਏ ਗਏ ਫੈਂਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਬੀ ਭਾਨੀ ਕੰਨਿਆਂ ਨੇਤਰਹੀਣ ਵਿਦਿਆਲਾ ਸੰਨ ਸਾਹਿਬ, ਛੇਹਰਟਾ, ਅੰਮ੍ਰਿਤਸਰ ਵੱਲੋਂ ਪੁੱਜੀ ਮੰਗ ਦੇ ਆਧਾਰ ਪੁਰ ੧੭ ਨੇਤਰਹੀਣ ਲੜਕੀਆਂ ਅਤੇ ਸਟਾਫ ਨੂੰ ੨੫ ਹਜ਼ਾਰ ਰੁਪਏ ਆਰਥਿਕ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਕੇਹਰ ਸਿੰਘ ਤੇ ਭਾਈ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਜਰਗ (ਲੁਧਿਆਣਾ) ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਰਸਿੰਗ ਕਾਲਜ ਬਣਾਇਆ ਜਾਵੇਗਾ ਅਤੇ ਜ਼ੀਰਾ ਵਿਖੇ ਉਸਾਰੇ ਜਾਣ ਵਾਲੇ ਕਾਲਜ ਦੀ ਇਮਾਰਤ ਜਲਦ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ੮੪ ਦੇ ਦੰਗਾ ਪੀੜਤ ਪਰਿਵਾਰਾਂ ਜਿਨ੍ਹਾਂ ਦੇ ਲਾਲ ਤੇ ਨੀਲੇ ਕਾਰਡ ਬਣੇ ਹੋਏ ਹਨ, ਅੱਗੇ ਤੋਂ ਉਨ੍ਹਾਂ ਦੇ ਕੇਸਾਂ ਨੂੰ ਵਿਚਾਰ ਕੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਫਲਸਫੇ ਤੇ ਸਿੱਖ ਇਤਿਹਾਸ ਨਾਲ ਜੋੜਣ ਲਈ ਜਲਦੀ ਹੀ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਨੂੰ ਡਿਜੀਟਲ ਆਨਲਾਈਨ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਗੁ:ਪ੍ਰ:ਕਮੇਟੀ ਅਧੀਨ ਆਉਂਦੇ ਸੈਕਸ਼ਨ ੮੫ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਗੂਗਲ ੩-ਡੀ ਲਾਗੂ ਕੀਤੀ ਜਾਵੇਗੀ ਤਾਂ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਹੋਰ ਵਾਧਾ ਹੋ ਸਕੇ।ਉਨ੍ਹਾਂ ਕਿਹਾ ਕਿ ਸ. ਸੁਖਵਿੰਦਰ ਸਿੰਘ ਜਿਸ ਦੀ ਤਖ਼ਤ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰਦੇ ਸਮੇਂ ਡੁੱਬ ਜਾਣ ਕਾਰਨ ਮੌਤ ਹੋ ਗਈ ਸੀ ਦੀ ਸੁਪਤਨੀ ਬੀਬੀ ਜਰਨੈਲ ਕੌਰ ਪਿੰਡ ਹਰਬੰਸਪੁਰ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ੧ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸ. ਮਹਿੰਦਰਪਾਲ ਸਿੰਘ ਅੰਮ੍ਰਿਤਸਰ ਦਾ ਪੋਤਰਾ ਜੋ ਕਿ ਗੂੰਗਾ ਬੋਲਾ ਹੋਣ ਦੇ ਨਾਲ-ਨਾਲ ਦਿਲ ਦੀ ਨਾ-ਮੁਰਾਦ ਬੀਮਾਰੀ ਤੋਂ ਪੀੜਤ ਹੈ ਨੂੰ ੫੦ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰੂ ਨਾਨਕ ਜੀ ਹਾਈ ਸਕੂਲ, ਨਨਕਾਣਾ ਸਾਹਿਬ ਦੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਲਈ ਸੰਥਿਆ ਸੈਂਚੀਆਂ, ਹਰਮੋਨੀਅਮ, ਦਸਤਾਰਾਂ ਤੇ ਕਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਐਡਵਾਂਸ ਸਟੱਡੀਜ਼ ਸਿੱਖਇਜ਼ਮ ਬਹਾਦਰਗੜ੍ਹ, ਪਟਿਆਲਾ ਦੇ ਬਹੁਪੱਖੀ ਵਿਕਾਸ ਲਈ ਆਧੁਨਿਕ ਤਕਨੀਕ ਦੇਣ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੂੰ ੨ ਸਾਲ ਲਈ ਪ੍ਰਬੰਧਕ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਖਾਲਸਾ ਇੰਗਲਿਸ਼ ਮੀਡੀਅਮ ਮਿਡਲ ਸਕੂਲ ਚਿੱਠੀ ਸਿੰਘਪੁਰਾ ਅਨੰਤਨਾਗ ਕਸ਼ਮੀਰ ਦੀ ਇਮਾਰਤ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ ਰਾਏਪੁਰ ਛੱਤੀਸਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ੩੦੦ ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ, ਕੀਰਤਨ ਦਰਬਾਰ, ਕਵੀ ਦਰਬਾਰ ਤੇ ਭਾਸ਼ਣ ਮੁਕਾਬਲੇ ੨੯ ਮਈ ਤੋਂ ੯ ਜੂਨ ਤੀਕ ਕਰਵਾਏ ਜਾਣਗੇ। ਇਹ ਮੁਕਾਬਲੇ ਗੁਰਦੁਆਰਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੇ ਰਾਜ ਪੱਧਰ ਦੇ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਤੇ ਇਨਾਮ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਨੂੰ ਗੁਰਮਤਿ ਦਾ ਪ੍ਰਚਾਰ ਕਰਨ ਲਈ ੬ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਨਜ਼ਰਬੰਦ ਸਮੂਹ ਵੀਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਖਾਲੀ ਕੱਚੀ ਜਗ੍ਹਾ ਨੂੰ ਪੱਕਿਆ ਕਰਨ ਤੇ ਲੰਗਰ ਹਾਲ ਬਣਾਉਣ ਲਈ ਸ਼੍ਰੋਮਣੀ ਕਮੇਟੀ ਮੈਟੀਰੀਅਲ ਖਰੀਦ ਕਰਕੇ ਦੇਵੇਗੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ ਸਾਲਾਨਾ ਸਹਾਇਤਾ ੬ ਕਰੋੜ ਤੋਂ ਵਧਾ ਕੇ ੧੦ ਕਰੋੜ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆ ਰਹੇ ਯਾਤਰੂਆਂ ਦਾ ਮਹਿਤਾ ਰੋਡ ਤੇ ਸੜਕ ਹਾਦਸੇ ਵਿੱਚ ਭਿਆਨਕ ਐਕਸੀਡੈਂਟ ਹੋ ਗਿਆ ਸੀ ਉਨ੍ਹਾਂ ਦੇ ਪਰਿਵਾਰਾਂ ਨੂੰ ੫੦-੫੦ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਭਾਈ ਦਯਾ ਸਿੰਘ ਲਾਹੌਰੀਆਂ ਦੀ ਧਰਮ ਪਤਨੀ ਬੀਬੀ ਕੰਵਲਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਮਿਸ਼ਨਰੀ ਕਾਲਜਾਂ, ਗੁਰਮਤਿ ਵਿਦਿਆਲਿਆਂ ਦੀ ਘੋਖ ਪੜਤਾਲ ਕਰਨ ਲਈ ਤੇ ਵਿਦਿਆ ਨੂੰ ਮਿਆਰੀ ਬਣਾਉਣ ਲਈ ਇਕ ਸਬ- ਕਮੇਟੀ ਗਠਿਤ ਕੀਤੀ ਗਈ ਹੈ ਜੋ ਸਮੁਚੇ ਵਿਦਿਅਕ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦੇਵੇਗੀ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਰਿਸਰਚ ਬੋਰਡ, ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਮੌਜੂਦਾ ਇਮਾਰਤ ਨੂੰ ਸਮੁੱਚੇ ਰੂਪ ਵਿੱਚ ਫਾਇਰ ਪਰੂਫ ਕਰਨ ਤੇ ਲਾਇਬ੍ਰੇਰੀ ਦੀ ਨਵੀ ਆਧੁਨਿਕ ਸਹੂਲਤਾਂ ਵਾਲੀ ਬਿਲਡਿੰਗ ਬਣਾਉਣ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ।ਇਸੇ ਤਰ੍ਹਾਂ ਪਿਛਲੇ ਦਿਨੀਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸਮੁੱਚੀ ਪੜਤਾਲ ਕਰਵਾਉਣ ਸਬੰਧੀ ਬਣਾਈ ਗਈ ਸਬ ਕਮੇਟੀ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ ਜੋ ਕਿ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਈ ਹੈ।ਉਨ੍ਹਾਂ ਕਿਹਾ ਕਿ ਮਹਾਨ ਸੂਰਬੀਰ ਸਿੱਖ ਜਨਰੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ੩੦੦ ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵਿਸ਼ਵ ਪੱਧਰ ਤੇ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਦੀ ਮੰਗ ਤੇ ੨ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣੀ ਪ੍ਰਵਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇੱਕਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ੬ ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਅੱਜ ਦੀ ਇਕੱਤਰਤਾ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ. ਰਜਿੰਦਰ ਸਿੰਘ ਮਹਿਤਾ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ. ਮੋਹਣ ਸਿੰਘ ਬੰਗੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਸੁਖਬੀਰ ਸਿੰਘ ਤੇ ਸ. ਕਰਮਬੀਰ ਸਿੰਘ ਇੰਚਾਰਜ, ਸ. ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਆਦਿ ਮੌਜੂਦ ਸਨ।