ਅੰਮ੍ਰਿਤਸਰ, ੨੦ ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਠਹਿਰਾਉ ਲਈ ਬਣੇ ਨਿਵਾਸਾਂ ਨੂੰ ਰੰਗ ਰੋਗਨ ਕਰਨ ਦੀ ਸੇਵਾ ਆਰੰਭ ਕੀਤੀ ਗਈ, ਜਿਸ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਭਾਈ ਹਰਮਿੱਤਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰੰਗ ਰੋਗਨ ਦੀ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪੁਰਾਤਨ ਇਮਾਰਤ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਕੀਤੀ ਗਈ ਹੈ ਅਤੇ ਇਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਾਰੀਆਂ ਸਰਾਵਾਂ ਨੂੰ ਰੰਗ ਰੋਗਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜਦੀਆਂ ਸੰਗਤਾਂ ਦੇ ਠਹਿਰਾਉ ਲਈ ਬਣਾਏ ਗਏ ਨਿਵਾਸਾਂ ਦੀ ਸਾਫ਼-ਸਫ਼ਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਰੰਗ-ਰੋਗਨ ਦਾ ਇਹ ਕਾਰਜ ਜਲਦੀ ਹੀ ਮੁਕੰਮਲ ਹੋਵੇਗਾ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਦੁਆਰਾ ਉਨ੍ਹਾਂ ਨੂੰ ਇਹ ਸੇਵਾ ਪ੍ਰਾਪਤ ਹੋਈ ਹੈ ਅਤੇ ਉਹ ਜਲਦੀ ਹੀ ਇਸ ਸੇਵਾ ਨੂੰ ਸੰਪੂਰਨ ਕਰਨਗੇ। ਉਨ੍ਹਾਂ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਹਰ ਸੇਵਾ ਵਿਚ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਚਲਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਸਿਰੇ ਚੜ੍ਹਦੀਆਂ ਹਨ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਰਘਬੀਰ ਸਿੰਘ ਮੰਡ ਮੈਨੇਜਰ, ਸ. ਜਤਿੰਦਰਪਾਲ ਸਿੰਘ ਐਸ.ਡੀ.ਓ., ਸ. ਨਰਿੰਦਰ ਸਿੰਘ, ਸ. ਲਖਵਿੰਦਰ ਸਿੰਘ, ਸ. ਬਘੇਲ ਸਿੰਘ ਤੇ ਸ. ਸਤਨਾਮ ਸਿੰਘ ਐਡੀਸ਼ਨਲ ਮੈਨੇਜਰ, ਭਾਈ ਅਮਰੀਕ ਸਿੰਘ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਭਾਈ ਜਸਪ੍ਰੀਤ ਸਿੰਘ, ਭਾਈ ਗੁਰਦੀਪ ਸਿੰਘ ਟਾਈਲਾਂ ਵਾਲੇ, ਭਾਈ ਅਮਰਜੀਤ ਸਿੰਘ, ਸ. ਦਲਜੀਤ ਸਿੰਘ ਆਦਿ ਹਾਜ਼ਰ ਸਨ।