ਸ. ਪ੍ਰਭਜੋਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ ਨਵੀਨੀਕਰਨ ਦੀ ਸੇਵਾ


ਅੰਮ੍ਰਿਤਸਰ, ੨੪ ਮਾਰਚ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਸਥਿਤ ਬੇਰ ਬਾਬਾ ਬੁੱਢਾ ਸਾਹਿਬ ਨਜ਼ਦੀਕ ਕਮਰੇ ਨੂੰ ਨਵੀਂ ਦਿੱਖ ਦੇਣ ਤੋਂ ਬਾਅਦ ਅੱਜ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਮੁੜ ਆਰੰਭ ਕੀਤੀ ਗਈ ਹੈ। ਇਸ ਕਮਰੇ ਦੇ ਨਵੀਨੀਕਰਨ ਲਈ ਸ. ਪ੍ਰਭਜੋਤ ਸਿੰਘ ਦੇ ਸਪੁੱਤਰਾਂ ਸ. ਸੁਰਿੰਦਰਪਾਲ ਸਿੰਘ ਤੇ ਸ. ਇੰਦਰਪਾਲ ਸਿੰਘ ਵੱਲੋਂ ਕਰਵਾਈ ਗਈ ਸੇਵਾ ਨੂੰ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਨੇਪਰੇ ਚਾੜ੍ਹਿਆ ਗਿਆ ਹੈ। ਦੱਸਣਯੋਗ ਹੈ ਕਿ ਨਵੀਨੀਕਰਨ ਕਰਨ ਸਮੇਂ ਜਿਥੇ ਇਸ ਕਮਰੇ ਵਿਚ ਸੁਨਿਹਰੀ ਪਾਲਕੀ ਸਾਹਿਬ ਬਣਾਈ ਗਈ ਹੈ, ਉਥੇ ਹੀ ਸਾਰੇ ਕਮਰੇ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।
ਅੱਜ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਕੀਤੀ ਗਈ ਲੜੀ ਤਹਿਤ ਪਹਿਲੇ ਅਖੰਡ ਪਾਠ ਸਾਹਿਬ ਦੀ ਸੇਵਾ ਵੀ ਸ. ਪ੍ਰਭਜੋਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ, ਜਿਸ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਹੁਕਮਨਾਮੇ ਉਪਰੰਤ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਤੀ। ਇਸ ਸਮੇਂ ਗੁਰੂ ਘਰ ਪ੍ਰਤੀ ਸ਼ਰਧਾ ਨਾਲ ਕੀਤੀ ਗਈ ਸੇਵਾ ਲਈ ਸ. ਪ੍ਰਭਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਸ. ਸੁਰਿੰਦਰਪਾਲ ਸਿੰਘ, ਸ. ਇੰਦਰਪਾਲ ਸਿੰਘ ਸਮੇਤ ਹੋਰਾਂ ਨੂੰ ਗਿਆਨੀ ਗੁਰਬਚਨ ਸਿੰਘ, ਗਿਆਨੀ ਜਗਤਾਰ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਆਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦਿੱਤੇ ਗਏ।
ਇਸ ਦੌਰਾਨ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੋਵਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਕਰਵਾਉਣ ਸਮੇਂ ਗੁਰੂ ਘਰ ਅਨਿੰਨ ਸੇਵਕ ਬਾਬਾ ਬੁੱਢਾ ਜੀ ਇਸ ਬੇਰੀ ਹੇਠ ਬੈਠਿਆ ਕਰਦੇ ਸਨ, ਇਸ ਕਰਕੇ ਇਸ ਦੀ ਵੱਡੀ ਇਤਿਹਾਸਕ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਥੇ ਪਹਿਲਾਂ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚਲਦੀ ਰਹੀ ਹੈ ਅਤੇ ਹੁਣ ਇਸ ਕਮਰੇ ਦੇ ਨਵੀਨੀਕਰਨ ਤੋਂ ਬਾਅਦ ਇਸ ਲੜੀ ਨੂੰ ਮੁੜ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸੰਗਤਾਂ ਵੱਲੋਂ ਬੁੱਕ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਨਿਰੰਤਰ ਚੱਲਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਕਾਰਸੇਵਕ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸ਼ਿੰਦਾ ਜੀ ਹਜ਼ੂਰ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਮਹੰਤ ਰਣਜੀਤ ਸਿੰਘ ਗੋਨੇਆਣਾ ਮੰਡੀ, ਸ. ਗੁਰਬਚਨ ਸਿੰਘ ਇੰਚਾਰਜ ਸਕੱਤਰੇਤ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ., ਸ. ਸੁਖਰਾਜ ਸਿੰਘ ਤੇ ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਜਗਸੀਰ ਸਿੰਘ ਗਿੱਲ ਚੇਅਰਮੈਨ ਆਦਿ ਹਾਜ਼ਰ ਸਨ।