ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ

ਅੰਮ੍ਰਿਤਸਰ ੨੯ ਮਈ – ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈੱੱਟ ਲੀ ਨੇ ਅੱਜ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਬੀਤੇ ਕੱਲ੍ਹ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਸਬੰਧੀ ਕਰਵਾਏ ਗਏ ਇਕ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ ਅਤੇ ਇਸੇ ਦੌਰਾਨ ਹੀ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਕੁਝ ਸਮਾਂ ਸੇਵਾ ਕੀਤੀ। ਇਸ ਦੌਰਾਨ ਬ੍ਰੈੱਟ ਲੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਯਾਤਰੂ ਬੁੱਕ ਵਿਚ ਆਪਣੇ ਅਨੁਭਵ ਦਰਜ਼ ਕਰਦਿਆਂ ਆਪਣੀ ਯਾਤਰਾ ਨੂੰ ਖੂਬਸੂਰਤ ਦੱਸਿਆ ਅਤੇ ਇਸ ਲਈ ਧੰਨਵਾਦ ਦੇ ਸ਼ਬਦ ਵੀ ਲਿਖੇ। ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਸਰਬਜੀਤ ਸਿੰਘ, ਸ. ਮਨਮੋਹਨ ਸਿੰਘ ਸਮਤੇ ਹੋਰ ਮੌਜੂਦ ਸਨ।