ਭਾਈ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾਂ ਕੀਤੀਆਂ ਚਾਰ ਬੱਸਾਂ

ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇਕ ਬੱਸ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਿਆਉਣ ਲਈ ਪਹਿਲਾਂ ਕਾਰਜਸ਼ੀਲ ਕੀਤੀ ਜਾ ਚੁੱਕੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅੱਜ ਤੋਰੀਆਂ ਗਈਆਂ ਚਾਰ ਬੱਸਾਂ ਵਿੱਚੋਂ ਦੋ ਬੱਸਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਜੋਨ ਲਈ ਭੇਜੀਆਂ ਗਈਆਂ, ਜਦੋਂਕਿ ਦੋ ਬੱਸਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੋਨ ਤੋਂ ਸੰਗਤਾਂ ਨੂੰ ਸੇਵਾਵਾਂ ਦੇਣਗੀਆਂ। ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਬੱਸਾਂ ਦੀ ਰਵਾਨਗੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਵੀ ਮੌਜੂਦ ਸਨ। ਬੱਸਾਂ ਦੀ ਰਵਾਨਗੀ ਤੋਂ ਪਹਿਲਾਂ ਅਨੰਦ ਸਾਹਿਬ ਦੇ ਪਾਠ ਉਪਰੰਤ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਮੁਫ਼ਤ ਬੱਸਾਂ ਦੀ ਸੁਵਿਧਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਬੱਸ ਹਵਾਈ ਅੱਡੇ ਤੋਂ ਸੰਗਤਾਂ ਨੂੰ ਮੁਫ਼ਤ ਲਿਆਉਣ ਤੇ ਲਿਜਾਣ ਦੀ ਸੁਵਿਧਾ ਦੇ ਰਹੀ ਹੈ ਅਤੇ ਚਾਰ ਬੱਸਾਂ ਤਖ਼ਤ ਸਾਹਿਬਾਨਾਂ ਲਈ ਅੱਜ ਰਵਾਨਾਂ ਕੀਤੀਆਂ ਗਈਆਂ ਹਨ। ਇਹ ਬੱਸਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਜੋਨ ਵਿਚ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਹਲਕਿਆਂ ਦੀਆਂ ਸੰਗਤਾਂ ਨੂੰ ਸੇਵਾਵਾਂ ਦੇਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਾਰਣੀ ਬਣਾਉਣ ਲਈ ਦੋਵੇਂ ਤਖਤ ਸਾਹਿਬਾਨ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਕਾਰਜ ਕਰਨਗੇ ਅਤੇ ਵਾਰੀ ਅਨੁਸਾਰ ਵੱਖ ਵੱਖ ਹਲਕਿਆਂ ਤੋਂ ਸੰਗਤ ਨੂੰ ਇਹ ਸਹੂਲਤ ਮੁਫਤ ਮਿਲੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਮੁੱਖ ਸਕੱਤਰ, ਸਕੱਤਰ ਸ. ਮਨਜੀਤ ਸਿੰਘ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸਤਿੰਦਰ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਅਟਾਰੀ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਸਤਨਾਮ ਸਿੰਘ, ਸ. ਗੁਰਾ ਸਿੰਘ ਆਦਿ ਹਾਜ਼ਰ ਸਨ।