ਅੰਮ੍ਰਿਤਸਰ, 25 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਅਰਾ ਬਾਰ੍ਹਾ ਮਾਹ ਸਾਹਿਬ ਦੀ ਕਾਰ ਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਆਰੰਭ ਕੀਤੀ ਗਈ। ਇਹ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਿਲਕੁਲ ਬਾਹਰਵਾਰ ਸਥਿਤ ਹੈ, ਜਿਸ ਦੇ ਦੁਆਲੇ ਥੰਮ੍ਹ ਉਸਾਰ ਕੇ ਛੱਤ ਪਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ਼ੀਸ਼ੇ ਦੇ ਫਰੇਮ ਲਗਾ ਕੇ ਇਸ ਨੂੰ ਸੁਰੱਖਿਅਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੱਜ ਗੁਰਦੁਆਰਾ ਸ਼ਹੀਦ ਬਾਬਾ ਬਸੰਤ ਸਿੰਘ ਚੌਂਕ ਪਰਾਗਦਾਸ ਵਿਖੇ ਸੰਗਤ ਦੀ ਰਿਹਾਇਸ਼ ਲਈ ਸਰਾਂ ਦਾ ਵੀ ਨਿਰਮਾਣ ਆਰੰਭ ਕੀਤਾ ਗਿਆ। ਇਸ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਕਾਰ ਸੇਵਾਵਾਂ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਦੋਵੇਂ ਕਾਰ ਸੇਵਾਵਾਂ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਤਿਹਾਸਕ ਅਸਥਾਨਾਂ ਦੀ ਸਾਂਭ-ਸੰਭਾਲ ਲਈ ਕਾਰਜਸ਼ੀਲ ਪੰਥਕ ਸੰਸਥਾ ਹੈ, ਜੋ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਰਾਵਾਂ ਉਸਾਰੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਚੌਂਕ ਪਰਾਗਦਾਸ ਵਿਖੇ ਵੀ ਸਰਾਂ ਬਣਾਈ ਜਾ ਰਹੀ ਹੈ, ਜਿਸ ਵਿਚ 105 ਕਮਰੇ ਹੋਣਗੇ। ਇਸ ਦੇ ਨਾਲ ਹੀ ਇਸ ਸਰਾਂ ਵਿਚ 5 ਹਾਲ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਗੁਰਦੁਆਰਾ ਬਾਰ੍ਹਾ ਮਾਹ ਸਾਹਿਬ ਸਬੰਧੀ ਦੱਸਿਆ ਕਿ ਇਹ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਸਾਹਮਣੇ ਸਥਿਤ ਹੈ, ਜਿਸ ਦੁਆਲੇ ਸ਼ੀਸ਼ੇ ਦਾ ਫਰੇਮ ਲਗਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਰਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਕੀਤੀਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਸੰਯੁਕਤ ਰੂਪ ਵਿਚ ਪੰਥਕ ਸੇਵਾਵਾਂ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਬਾਬਾ ਸੁਬੇਗ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਗੁਲਜ਼ਾਰ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਸ਼ਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਸਡੀਓ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।