ਅੰਮ੍ਰਿਤਸਰ, ੯ ਮਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੱਜ ਸੇਵਾ ਸੰਭਾਲ ਲਈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਸ. ਦੀਨਪੁਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕਲ੍ਹ ਆਦੇਸ਼ ਜਾਰੀ ਕਰਕੇ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਸੀ। ਅਹੁਦਾ ਸੰਭਾਲਣ ਸਮੇਂ ਸ. ਜਸਵਿੰਦਰ ਸਿੰਘ ਦੀਨਪੁਰ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਕਿਹਾ ਕਿ ਇਹ ਸੇਵਾ ਵੱਡੇ ਭਾਗਾਂ ਨਾਲ ਨਸੀਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਮਿਲੀ ਇਸ ਜ਼ਿੰਮੇਵਾਰੀ ਨੂੰ ਮੈਂ ਗੁਰੂ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਵਾਂਗਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਸੇਵਾ ਸੰਭਾਲਣ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ ਬਾਦੀਆਂ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਬਚਨ ਸਿੰਘ ਖਹਿਰਾਬਾਦ, ਸ. ਕਰਮਬੀਰ ਸਿੰਘ ਕਿਆਮਪੁਰ, ਮੈਨੇਜਰ ਸ. ਰਘਬੀਰ ਸਿੰਘ ਮੰਡ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਇਕਬਾਲ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਾ ਸਿੰਘ, ਸ. ਜਸਵਿੰਦਰ ਸਿੰਘ ਦੀਪ ਸਾਬਕਾ ਮੀਤ ਸਕੱਤਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।