ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਜਥੇਦਾਰ ਮੱਕੜ, ਸ. ਰਾਮੂਵਾਲੀਆ, ਬਾਬਾ ਬਲਬੀਰ ਸਿੰਘ ਨੇ ਕੀਤੀ ਸ. ਬੇਦੀ ਦੀਆਂ ਸੇਵਾਵਾਂ ਦੀ ਸ਼ਲਾਘਾ

ਅੰਮ੍ਰਿਤਸਰ, ੩੦ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਆਪਣੇ ਸੇਵਾਮੁਕਤ ਹੋਣ ਤੋਂ ਪਹਿਲਾਂ ਅੱਜ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਦੱਸਣਯੋਗ ਹੈ ਕਿ ਭਲਕੇ ੩੧ ਦਸੰਬਰ ਨੂੰ ਸ. ਦਿਲਜੀਤ ਸਿੰਘ ਬੇਦੀ ੩੮ ਸਾਲ ਦੀ ਸੇਵਾ ਉਪਰੰਤ ਸ਼੍ਰੋਮਣੀ ਕਮੇਟੀ ਵਿੱਚੋਂ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅੱਜ ਕਰਵਾਏ ਗਏ ਸ਼ੁਕਰਾਨਾ ਸਮਾਗਮ ਸਮੇਂ ਸਿੱਖ ਕੌਮ ਦੀਆਂ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਰਾਜਸੀ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ. ਦਿਲਜੀਤ ਸਿੰਘ ਬੇਦੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਗੁਰੂ ਘਰ ਦੀ ਸੇਵਾ ਤੋਂ ਮਨੁੱਖ ਕਦੇ ਵੀ ਸੇਵਾਮੁਕਤ ਨਹੀਂ ਹੁੰਦਾ ਅਤੇ ਉਹ ਮਹਿਕਮੇ ਵਿੱਚੋਂ ਜਾਣ ਉਪਰੰਤ ਵੀ ਗੁਰੂ ਦਰ ‘ਤੇ ਸੇਵਾ ਕਮਾ ਕੇ ਮਾਣ ਹਾਸਲ ਕਰ ਸਕਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਬੇਦੀ ਨੂੰ ਇਕ ਚੰਗਾ ਪ੍ਰਬੰਧਕ ਆਖਦਿਆਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਤਜ਼ਰਬੇ ਦਾ ਸ਼੍ਰੋਮਣੀ ਕਮੇਟੀ ਲਈ ਲਾਭ ਲੈਣ ਦੀ ਗੱਲ ਆਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਹੁਤ ਥੋੜ੍ਹੇ ਮੁਲਾਜ਼ਮ ਹੁੰਦੇ ਹਨ ਜੋ ਸੰਸਥਾ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕਾਰਜਸ਼ੀਲ ਰਹਿੰਦੇ ਹਨ ਅਤੇ ਉਨ੍ਹਾਂ ਵਿੱਚੋਂ ਸ. ਬੇਦੀ ਇੱਕ ਹਨ। ਉਨ੍ਹਾਂ ਨੇ ਸ. ਬੇਦੀ ਨੂੰ ਵਫ਼ਾਦਾਰ ਪ੍ਰਬੰਧਕ ਵੀ ਕਿਹਾ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸ. ਬੇਦੀ ਦੀ ਕਾਰਜਸ਼ੈਲੀ ਦੀ ਤਾਰੀਫ਼ ਕੀਤੀ ਅਤੇ ਆਪਣੇ ਕਾਰਜਕਾਲ ਦੌਰਾਨ ਸ. ਬੇਦੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦਗਾਰੀ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਅਧਿਕਾਰੀਆਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਵੀ ਸੰਸਥਾ ਨੂੰ ਤਜ਼ਰਬੇ ਦਾ ਫ਼ਾਇਦਾ ਲੈਣਾ ਚਾਹੀਦਾ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਉਹ ਸ. ਬੇਦੀ ਦੀਆਂ ਸੇਵਾਵਾਂ ਆਪਣੀ ਜਥੇਬੰਦੀ ਲਈ ਲੈਣਗੇ। ਉਨ੍ਹਾਂ ਸ. ਬੇਦੀ ਦੀ ਪ੍ਰਬੰਧਕੀ ਕੁਸ਼ਲਤਾ ਦੀ ਤਾਰੀਫ਼ ਕਰਦਿਆਂ ਆਖਿਆ ਕਿ ਸ. ਬੇਦੀ ਨੇ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਤਾਲਮੇਲ ਲਈ ਅਹਿਮ ਭੂਮਿਕਾ ਨਿਭਾਈ ਹੈ। ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਕਲਮ ਰਾਹੀਂ ਪੰਥ ਦੀ ਚੜ੍ਹਦੀ ਕਲਾ ਲਈ ਕੀਤੇ ਕਾਰਜਾਂ ਨੂੰ ਵਡਿਆਇਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਸਿੱਖ ਕੌਮ ਦੀਆਂ ਵਿਸ਼ਵੀ ਪ੍ਰਾਪਤੀਆਂ ਦਾ ਲੇਖਾ-ਜੋਖਾ ਕਰਦਿਆਂ ਸਿੱਖ ਕੌਮ ਦੀਆਂ ਮਾਨਵ ਹਤੈਸ਼ੀ ਕਦਰਾਂ-ਕੀਮਤਾਂ ਦਾ ਖੁਲਾਸਾ ਵੀ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਬੇਦੀ ਦੇ ਪਿਛੋਕੜ ਨੂੰ ਸਾਹਿਤਕ ਸਰੋਕਾਰਾਂ ਨਾਲ ਲਬਰੇਜ਼ ਦੱਸਿਆ ਅਤੇ ਕਿਹਾ ਕਿ ਸ. ਬੇਦੀ ਸਵੈ ਭਰੋਸੇ ਵਾਲਾ ਸੰਘਰਸਸ਼ੀਲ ਵਿਅਕਤੀ ਹੈ। ਉਨ੍ਹਾਂ ਸ. ਬੇਦੀ ਵੱਲੋਂ ਸੇਵਾਮੁਕਤੀ ਤੋਂ ਪਹਿਲਾਂ ਸ਼ੁਕਰਾਨਾ ਸਮਾਗਮ ਕਰਨ ਦੀ ਪਹਿਲ ਦੀ ਵੀ ਭਰਵੇਂ ਸ਼ਬਦਾਂ ਵਿਚ ਸ਼ਲਾਘਾ ਕੀਤੀ। ਇਸ ਦੌਰਾਨ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਸਟੇਜ਼ ਦੀ ਸੇਵਾ ਪ੍ਰਸਿੱਧ ਬੁਲਾਰੇ ਸ. ਤੀਰਥ ਸਿੰਘ ਢਿੱਲੋਂ ਨੇ ਬਾਖੂਬੀ ਨਿਭਾਈ। ਇਸ ਸਮੇਂ ਵੱਖ-ਵੱਖ ਰਾਜਸੀ, ਧਾਰਮਿਕ, ਸਾਹਿਤਕ ਸ਼ਖ਼ਸੀਅਤਾਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸ. ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਭਾਈ ਬੋਹੜ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਸੁਬੇਗ ਸਿੰਘ ਵੱਲੋਂ ਬਾਬਾ ਅਮਰੀਕ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਭਾਈ ਸੁਖਵਿੰਦਰ ਸਿੰਘ ਅਗਵਾਨ, ਸਾਹਿਤਕਾਰ ਸ. ਦੀਪਦਵਿੰਦਰ ਸਿੰਘ, ਸ. ਇੰਦਰਜੀਤ ਸਿੰਘ ਬਾਸਰਕੇ, ਡਾ. ਹਰਚੰਦ ਸਿੰਘ ਬੇਦੀ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਕੁਲਦੀਪ ਸਿੰਘ ਬਾਵਾ, ਸ. ਰਣਜੀਤ ਸਿੰਘ, ਸ. ਗੁਰਬਚਨ ਸਿੰਘ ਮਾਹੀਆ, ਬਾਬਾ ਮਨਜੀਤ ਸਿੰਘ ਬੇਦੀ ਡੇਰਾ ਬਾਬਾ ਨਾਨਕ, ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਭਜਨ ਸਿੰਘ ਬਰਾੜ, ਪ੍ਰਸਿੱਧ ਫੋਟੋ ਆਰਟਿਸ ਸ. ਹਰਭਜਨ ਸਿੰਘ ਬਾਜਵਾ, ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਸ. ਪ੍ਰਦੀਪ ਸਿੰਘ ਵਾਲੀਆ, ਸ. ਸਵਰਨ ਸਿੰਘ ਹਰੀਪੁਰਾ, ਸ. ਬਲਜੀਤ ਸਿੰਘ ਬਰਾੜ, ਸ. ਜਰਨੈਲ ਸਿੰਘ ਢੋਟ, ਸ਼ਾਇਰ ਸ੍ਰੀ ਦੇਵ ਦਰਦ, ਸ. ਦਿਸ਼ਾਦੀਪ ਸਿੰਘ ਸੂਫੀ ਵਾਰਿਸ, ਸ. ਏ. ਐਸ. ਪੁਰੀ ਕਰਨਾਲ, ਸ. ਗੁਰਸ਼ਰਨ ਸਿੰਘ ਬੱਬਰ, ਸ. ਮੱਖਣ ਸਿੰਘ, ਸ. ਸੁਰਜੀਤ ਸਿੰਘ ਰਾਹੀ, ਪ੍ਰਿੰਸੀਪਲ ਬਲਦੇਵ ਸਿੰਘ, ਸ. ਹਰਿੰਦਰ ਸਿੰਘ ਸੋਹਲ, ਡਾ. ਚਰਨਜੀਤ ਸਿੰਘ ਗੁਮਟਾਲਾ, ਸ. ਕੁਲਵੰਤ ਸਿੰਘ ਅਣਖੀ ਅਤੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸੱਜਣ ਮਿੱਤਰ ਅਤੇ ਰਿਸ਼ਤੇਦਾਰ ਹਾਜ਼ਰ ਸਨ।