ਸ਼੍ਰੋਮਣੀ ਕਮੇਟੀ ਦਫ਼ਤਰ ਭਲਕੇ ਦੁਪਹਿਰ ਬਾਅਦ ਬੰਦ ਰਹਿਣਗੇ

ਅੰਮ੍ਰਿਤਸਰ, 3 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੁਖਦੇਵ ਸਿੰਘ ਬਾਠ ਜ਼ਿਲ੍ਹਾ ਫਰੀਦਕੋਟ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ। ਭਾਈ ਲੌਂਗੋਵਾਲ ਨੇ ਸ. ਬਾਠ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਬਾਠ ਪੰਥਕ ਆਗੂ ਸਨ ਜਿਨ੍ਹਾਂ ਨੇ ਧਰਮ ਪ੍ਰਚਾਰ ਲਹਿਰ ਨੂੰ ਆਪਣੇ ਹਲਕੇ ਅੰਦਰ ਪ੍ਰਚੰਡ ਕਰਨ ‘ਚ ਵਿਸ਼ੇਸ਼ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਪਰਮਜੀਤ ਸਿੰਘ ਸਰੋਆ ਤੇ ਹੋਰ ਅਧਿਕਾਰੀਆਂ ਨੇ ਵੀ ਸ. ਸੁਖਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਡਾ. ਰੂਪ ਸਿੰਘ ਅਨੁਸਾਰ ਸ. ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਭਲਕੇ ੪ ਮਈ ਨੂੰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਜਾਣਗੇ।