ਅੰਮ੍ਰਿਤਸਰ 28 ਅਪ੍ਰੈਲ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਸ. ਹਰੀ ਸਿੰਘ ਨਲੂਆ ਅਜਿਹੇ ਸੂਰਬੀਰ ਸਿੱਖ ਜਰਨੈਲ ਜਿਨ੍ਹਾਂ ਕਸ਼ਮੀਰ, ਪਿਸ਼ੌਰ ਤੇ ਲੱਦਾਖ ਦੀਆਂ ਜਿੱਤਾਂ ‘ਚ ਅਹਿਮ ਭੂਮਿਕਾ ਨਿਭਾਉਂਦਿਆਂ ਖ਼ਾਲਸਾ ਬਹਾਦਰਾਂ ‘ਚ ਸਵੈ-ਮਾਨ ਤੇ ਵਿਸ਼ਵਾਸ਼ ਪੈਦਾ ਕੀਤਾ।ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਅਸਥਾਨ ਵਿਖੇ ੩੦ ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਅਸਥਾਨ ਵਿਖੇ ੩੦ ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵੇਰੇ ੯.੦੦ ਤੋਂ ੧੦.੩੦ ਵਜੇ ਤੀਕ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।