ਅੰਮ੍ਰਿਤਸਰ, 13 ਫਰਵਰੀ –
ਹਰਿਆਣਾ ਸਰਕਾਰ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾਲ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ।

ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ ਅਤੇ ਹਰਿਆਣਾ ਸਰਕਾਰ ਨੇ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾ ਕੇ ਪ੍ਰਸ਼ੰਸਾਯੋਗ ਕਾਰਜ ਕੀਤਾ ਹੈ। ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯੂਨੀਵਰਸਿਟੀ ਬਣਾਉਣ, ਅੰਬਾਲਾ ਮਾਨਵ ਚੌਂਕ ਤੋਂ ਲਖਨੌਰ ਸਾਹਿਬ ਤਕ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਮ ‘ਤੇ ਰੱਖਣ, ਅਸੰਧ ਵਿਚ ਬਾਬਾ ਫਤਹਿ ਸਿੰਘ ਦੇ ਨਾਮ ‘ਤੇ ਕਾਲਜ ਖੋਲ੍ਹਣ ਅਤੇ ਹਰਿਆਣਾ ਰਾਜ ਵਿਖੇ ਸਿੱਖ ਮਿਊਜ਼ੀਅਮ ਬਣਾਉਣ ਦੇ ਐਲਾਨ ਦਾ ਵੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕੀਤਾ।

ਉਨ੍ਹਾਂ ਇਕ ਵਾਰ ਫਿਰ ਇਸ ਕਾਰਜ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਸੰਗਤਾਂ ਦਸਮ ਪਾਤਸ਼ਾਹ ਜੀ ਦੇ 350ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਨੂੰ ਹਮੇਸ਼ਾ ਯਾਦ ਰੱਖਣਗੀਆਂ।