ਅੰਮ੍ਰਿਤਸਰ, 4 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਦੀ ਸੰਗਤ ਵੱਲੋਂ ਵੱਡੀ ਮਾਤਰਾ ਵਿਚ ਕਣਕ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਇਕੱਤਰ ਕੀਤੀਆਂ ਰਸਦਾਂ ਤੇ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਗੁਰੂ ਘਰ ਦਾ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦਾ ਹੈ ਅਤੇ ਦੁਨੀਆਂ ਦੇ ਮਹਾਨ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਰਸਦਾਂ ਭੇਟ ਕਰਨ ਲਈ ਸੰਗਤਾਂ ਵਿਚ ਅਥਾਹ ਸ਼ਰਧਾ ਹੈ। ਉਨ੍ਹਾਂ ਸ. ਖੁਸ਼ਵਿੰਦਰ ਸਿੰਘ ਭਾਟੀਆ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਸ. ਭਾਟੀਆ ਨੇ ਕਿਹਾ ਕਿ ਸਭ ਨੂੰ ਆਪਣੀ ਸਮਰੱਥਾ ਅਨੁਸਾਰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਹਿੱਸਾ ਜ਼ਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਕਾਰਜ ਸਿੰਘ ਆਦਿ ਮੌਜੂਦ ਸਨ।