ਅੰਮ੍ਰਿਤਸਰ, 25 ਅਕਤੂਬਰ (    ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਰਾਮਪੁਰਾ ਮੁਹੱਲਾ, ਹਿਸਾਰ (ਹਰਿਆਣਾ) ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਹਿਰਦੇਵੇਦਕ ਹਨ ਪਰੰਤੂ ਇਸ ਤੋਂ ਵੀ ਅਫਸੋਸ ਦੀ ਗੱਲ ਇਹ ਹੈ ਕਿ ਅਜੇ ਤੀਕ ਗੁਰਦੁਆਰਾ ਕਮੇਟੀਆਂ ਅਣਗਹਿਲੀ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਚਾਹੇ ਕਿਸੇ ਵੀ ਪ੍ਰਬੰਧਕ ਕਮੇਟੀ ਦੇ ਅਧੀਨ ਹੋਵੇ ਪਰ ਜਦੋਂ ਕਿਤੇ ਇਸ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਇਹ ਸਮੁੱਚੇ ਸਿੱਖ ਜਗਤ ਲਈ ਦੁੱਖ ਤੇ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਇਸ ਲਈ ਪ੍ਰਬੰਧਾਂ ਪ੍ਰਤੀ ਸੁਹਿਰਦਤਾ ਜ਼ਰੂਰੀ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਆਧੁਨਿਕ ਤਕਨੀਕਾਂ ਰਾਹੀਂ ਗੁਰੂ ਘਰਾਂ ਨੂੰ ਸੁਰੱਖਿਅਤ ਕਰਨ ਲਈ ਲੋਕਲ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਸੰਜੀਦਗੀ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਇਸ਼ਟ ਹਨ ਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਪਰਮ ਧਰਮ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਨੇੜੇ ਦੀਆਂ ਲੋਕਲ ਕਮੇਟੀਆਂ ਦੇ ਪ੍ਰਬੰਧਕਾਂ ਕੋਲੋਂ ਗੁਰੂ ਘਰਾਂ ਦੇ ਪੁਖਤਾ ਤੇ ਸੁਰੱਖਿਅਤ ਪ੍ਰਬੰਧ ਕਰਨ ਲਈ ਅੱਗੇ ਆਉਣ।