ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਮਨੁੱਖੀ ਜੀਵਨ ਦੇ ਰਾਹ ਦਸੇਰਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

-ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

ਮਾਨਵਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤੀ। ਇਸ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਰਾਹ ਦਸੇਰਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ ਵਿਸ਼ਾਲਤਾ ਪ੍ਰਗਟ ਹੁੰਦੀ ਹੈ। ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ, ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਅਧਿਆਤਮਿਕ ਤੇ ਧਾਰਮਿਕ ਸੇਧਾਂ ਦੇ ਨਾਲ-ਨਾਲ ਸਮਾਜਿਕ, ਆਰਥਿਕ, ਵਿਗਿਆਨਕ ਆਦਿ ਹਰ ਤਰ੍ਹਾਂ ਦੀਆਂ ਸੇਧਾਂ ਪਾਵਨ ਗੁਰਬਾਣੀ ਵਿੱਚੋਂ ਮਿਲਦੀਆਂ ਹਨ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੱਕ ਗੁਰੂ ਸਾਹਿਬਾਨ ਨੇ ਜਿਥੇ ਆਪ ਬਾਣੀ ਉਚਾਰਨ ਕੀਤੀ, ਉਥੇ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਵੱਖ-ਵੱਖ ਮਹਾਂਪੁਰਖਾਂ ਦੀ ਰਚਨਾ ਨੂੰ ਵੀ ਪੋਥੀਆਂ ਦੇ ਰੂਪ ਵਿਚ ਆਪਣੇ ਪਾਸ ਸੰਭਾਲਿਆ। ਇਹ ਬਾਣੀ ਪੀੜ੍ਹੀ ਦਰ ਪੀੜ੍ਹੀ ਅਗਲੇ ਗੁਰੂ ਸਾਹਿਬਾਨ ਪਾਸ ਪਹੁੰਚੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਪਾਵਨ ਬਾਣੀ ਨੂੰ ਸੰਪਾਦਿਤ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ਜਿਸ ਰਮਣੀਕ ਥਾਂ ਨੂੰ ਚੁਣਿਆ ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੁਭਾਇਮਾਨ ਹੈ। ਇਸ ਅਸਥਾਨ ’ਤੇ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਖਣ ਦੀ ਸੇਵਾ ਭਾਈ ਗੁਰਦਾਸ ਜੀ ਨੇ ਕੀਤੀ। ਸੰਮਤ ੧੬੬੧ (੧੬੦੪ ਈ:) ਨੂੰ ਸੰਪਾਦਨਾ ਦਾ ਕਾਰਜ ਸੰਪੂਰਨ ਹੋਇਆ ਅਤੇ ਇਸੇ ਸਾਲ ਹੀ ਭਾਦੋਂ ਸੁਦੀ ਇੱਕ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਸੇਵਾ-ਸੰਭਾਲ ਕਰਨ ਲਈ ਗੁਰੂ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਮੁੱਖ ਗ੍ਰੰਥੀ ਥਾਪਿਆ।
ਇਸ ਤੋਂ ਬਾਅਦ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਦੇ ਸਥਾਨ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਅਤੇ ਆਪ ਜੀ ਨੇ ਆਪਣੇ ਅੰਤਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸ਼ਬਦ ਗੁਰੂ ਨਾਲ ਅਮਲੀ ਰੂਪ ਵਿਚ ਜੋੜ ਦਿੱਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਦਾ ਇਤਿਹਾਸਕ ਹਵਾਲਾ ਇਸ ਦੀ ਵਡਿਆਈ ਨੂੰ ਸਪੱਸ਼ਟ ਕਰਨ ਵਾਲਾ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੰਪਾਦਨਾ ਦੇ ਕਾਰਜ ਦੀ ਸੰਪੂਰਨਤਾ ਉਪਰੰਤ ਭਾਦੋਂ ਸੁਦੀ ਇਕ ਸੰਮਤ ੧੬੬੧ (੧੬੦੪ ਈ:) ਨੂੰ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਤਾਂ ਇਸ ਮੌਕੇ ਇੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਸੰਗਤਾਂ ਹੁਮ-ਹੁਮਾ ਕੇ ਸ਼ਾਮਲ ਹੋਈਆਂ। ਇਹ ਦ੍ਰਿਸ਼ ਅਲੌਕਿਕ ਸੀ। ਸੰਗਤਾਂ ਵਿਚ ਸ਼ਰਧਾ ਤੇ ਸਤਿਕਾਰ ਦੀ ਸਿਖ਼ਰ ਸੀ। ਸਾਰਾ ਵਾਤਾਵਰਣ ਰੱਬੀ ਰੰਗ ਵਿਚ ਰੰਗਿਆ ਹੋਇਆ ਸੀ। ਇਹ ਪ੍ਰੰਪਰਾ ਹੁਣ ਵੀ ਬਰਕਰਾਰ ਹੈ ਅਤੇ ਹਰ ਸਾਲ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।
„ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਗਿਆਨ ਦਾ ਅਜਿਹਾ ਸੋਮਾ ਹੈ, ਜੋ ਅਗਿਆਨਤਾ ਦੇ ਹਨੇਰੇ ਤੋਂ ਛੁਟਕਾਰੇ ਦਾ ਮਾਰਗ ਦਰਸਾਉਂਦਾ ਹੈ। ਗੁਰੂ ਸਾਹਿਬ ਨੇ ਗੁਰਬਾਣੀ ਦੇ ਗਿਆਨ ਜ਼ਰੀਏ ਮਨੁੱਖ ਨੂੰ ਪਰਮਾਤਮਾ ਦੀ ਪ੍ਰਾਪਤੀ ਦਾ ਰਾਹ ਦਰਸਾਇਆ ਹੈ। ਗੁਰਬਾਣੀ ਅੰਦਰ ਪਰਮਾਤਮਾ ਦਾ ਹਰ ਥਾਂ ਵਾਸਾ ਦੱਸਦਿਆਂ ਮਨੁੱਖਤਾ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਦਿੱਤਾ ਹੈ। ਪਵਿੱਤਰ ਬਾਣੀ ਦਾ ਉਪਦੇਸ਼ ਹੈ ਕਿ ਰੱਬੀ ਭਾਣੇ ’ਚ ਰਹਿਕੇ ਸਭਨਾਂ ਦਾ ਭਲਾ ਮਨਾਉਂਦਿਆਂ ਬ੍ਰਹਿਮੰਡੀ ਨਿਆਮਤਾਂ ਦੇ ਕਰਤੇ ਨੂੰ ਯਾਦ ਕਰਦਿਆਂ ਸਭ ਦੇ ਭਲੇ ਵਾਲੀ ਬਿਰਤੀ ਅਨੁਸਾਰ ਜੀਵਨ ਬਤੀਤ ਕਰਨਾ ਹੈ।
ਪਾਵਨ ਗੁਰਬਾਣੀ ਦੇ ਬਚਨਾਂ ਨੂੰ ਕਮਾਉਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਗੁਰੂ ਸਾਹਿਬਾਨ ਨੇ ਗੁਰਬਾਣੀ ਦੁਆਰਾ ਸਿੱਖ ਨੂੰ ਜੀਵਨ ਜਿਊਣ ਲਈ ਜੋ ਸਿਧਾਂਤ ਬਖ਼ਸ਼ਿਸ ਕੀਤੇ ਹਨ, ਉਨ੍ਹਾਂ ’ਤੇ ਅਮਲ ਕਰਨਾ ਹਰ ਸਿੱਖ ਦਾ ਪਰਮ ਧਰਮ ਕਰਤੱਵ ਹੈ। ਇਹ ਇਲਾਹੀ ਬਚਨ ਪਾਰ ਉਤਾਰਾ ਕਰਨ ਵਾਲੇ ਹਨ। ਪਾਵਨ ਗੁਰਬਾਣੀ ਵਿਚ ਗੁਰੂ ਸਾਹਿਬ ਨੇ ਇਸ ਸਬੰਧ ਵਿਚ ਸਪੱਸ਼ਟ ਫੁਰਮਾਨ ਕੀਤਾ ਹੈ:
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ॥
ਜਨਮਿ ਨ ਮਰੈ ਨ ਆਵੈ ਨ ਜਾਇ॥
ਹਰਿ ਸੇਤੀ ਓਹੁ ਰਹੈ ਸਮਾਇ॥
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ ੩੭੦)
ਅੱਜ ਲੋੜ ਹੈ ਕਿ ਗੁਰਮਤਿ ਦੀ ਵਿਚਾਰਧਾਰਾ ਨੂੰ ਗ੍ਰਹਿਣ ਕਰਦਿਆਂ ਆਪਣੇ ਜੀਵਨ ਨੂੰ ਗੁਰਬਾਣੀ ਅਨੁਸਾਰ ਢਾਲੀਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਮਨ ਵਿਚ ਵਸਾਇਆਂ ਹੀ ਨਿਰੰਕਾਰ ਨਾਲ ਅਭੇਦਤਾ ਹਾਸਲ ਹੋ ਸਕੇਗੀ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ’ਤੇ ਮੈਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ, “ਗੁਰਬਾਣੀ ਇਸੁ ਜਗ ਮਹਿ ਚਾਨਣੁ” ਨਾਲ ਆਪਣੀਆਂ ਜ਼ਿੰਦਗੀਆਂ ਰੋਸ਼ਨ ਕਰੀਏ।